ਮਾਮਲੇ ਦੀ ਜਾਂਚ ਕਰ ਰਹੇ ਹੈੱਡਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ…
ਹਲਕਾ ਗੁਰੂਹਰਸਹਾਏ ਦੇ ਲਾਇਟਾਂ ਵਾਲਾ ਚੋਂਕ ਵਿਖੇ ਤੇਜ਼ ਰਫ਼ਤਾਰ ਟਰੱਕ ਦੇ ਡਰਾਈਵਰ ਨੇ ਇਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ 304-ਏ, 279 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਛਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਤੱਲੇ ਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਸਵਰਨ ਸਿੰਘ ਜੋ ਸਾਈਕਲ ’ਤੇ ਸਵਾਰ ਹੋ ਕੇ ਘਰ ਤੋਂ ਗੁਰੂਹਰਸਹਾਏ ਆ ਰਿਹਾ ਸੀ, ਜਦ ਉਹ ਲਾਇਟਾਂ ਵਾਲਾ ਚੋਂਕ ਪਾਸ ਪੁੱਜਾ ਤਾਂ ਇਕ ਟਰੱਕ ਜਿਸ ਨੂੰ ਉਸ ਦਾ ਚਾਲਕ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਜਿਸ ਨੇ ਟਰੱਕ ਲਿਆ ਕੇ ਉਸ ਦੇ ਪਿਤਾ ਸਵਰਨ ਸਿੰਘ ਦੇ ਸਾਈਕਲ ਵਿਚ ਮਾਰਿਆ। ਇਸ ਹਾਦਸੇ ਵਿਚ ਉਸ ਦੇ ਪਿਤਾ ਦੇ ਸਿਰ ਵਿਚ ਸੱਟ ਲੱਗ ਗਈ, ਜਿਸ ਤੇ ਉਸ ਨੇ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰ ਨੇ ਹਾਲਤ ਨਾਜ਼ੁਕ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾ ਰੈਫਰ ਕਰ ਦਿੱਤਾ, ਜਿਥੇ ਪਹੁੰਚ ਕੇ ਉਸ ਦੇ ਪਿਤਾ ਸਵਰਨ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੈੱਡਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।