ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦੀ ਚਰਚਾ ਵੀ ਜ਼ੋਰਾਂ ’ਤੇ ਹੈ। ਹਾਲਾਂਕਿ ਇਸ ਦੀ ਪੁਸ਼ਟੀ ਕਿਸੇ ਪੱਧਰ ’ਤੇ ਨਹੀਂ ਹੋ ਸਕੀ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦੀ ਚਰਚਾ ਵੀ ਜ਼ੋਰਾਂ ’ਤੇ ਹੈ। ਹਾਲਾਂਕਿ ਇਸ ਦੀ ਪੁਸ਼ਟੀ ਕਿਸੇ ਪੱਧਰ ’ਤੇ ਨਹੀਂ ਹੋ ਸਕੀ। ਦਿਲਚਸਪ ਪੱਖ ਇਹ ਵੀ ਹੈ ਕਿ ਖ਼ੁਦ ਸਿਕੰਦਰ ਸਿੰਘ ਮਲੂਕਾ ਇਸ ਬਾਰੇ ਬਿਲਕੁਲ ਚੁੱਪ ਹਨ। ਉਨ੍ਹਾਂ ਦੀ ਇਸ ਚੁੱਪ ਦੇ ਵੀ ਕਈ ਮਾਅਨੇ ਸਮਝੇ ਜਾ ਰਹੇ ਹਨ।
ਬੀਬਾ ਪਰਮਪਾਲ ਕੌਰ ਜਿੱਥੇ ਸੇਵਾ-ਮੁਕਤ ਆਈਏਐੱਸ ਅਧਿਕਾਰੀ ਹਨ, ਉੱਥੇ ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਰਹਿ ਚੁੱਕੇ ਹਨ।
ਚਰਚਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਸਿਕੰਦਰ ਸਿੰਘ ਮਲੂਕਾ ਚੋਣ ਲੜਨਾ ਚਾਹੁੰਦੇ ਸਨ ਪਰ ਹਰਸਿਮਰਤ ਕੌਰ ਬਾਦਲ ਨੇ ਉੱਥੋਂ ਜਗਮੀਤ ਸਿੰਘ ਬਰਾੜ ਨੂੰ ਟਿਕਟ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਉਸ ਤੋ ਬਾਅਦ ਭਾਵੇਂ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਸੀ ਪਰ ਮਲੂਕਾ ਤੇ ਬਾਦਲ ਪਰਿਵਾਰ ਦੇ ਸਿਆਸੀ ਸਬੰਧਾਂ ’ਚ ਕੁਝ ਖਟਾਸ ਆ ਗਈ ਸੀ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇ ਮਲੂਕਾ ਪਰਿਵਾਰ ਭਾਜਪਾ ’ਚ ਸਾਮਲ ਹੁੰਦਾ ਹੈ, ਤਾਂ ਸਿਰਫ਼ ਲੋਕ ਸਭਾ ਹਲਕਾ ਬਠਿੰਡਾ ਹੀ ਨਹੀਂ, ਸਮੁੱਚੇ ਮਾਲਵਾ ਖੇਤਰ ’ਚ ਅਕਾਲੀ ਦਲ ਲਈ ਮੁਸ਼ਕਲ ਵਧ ਸਕਦੀ ਹੈ। ਦੂਜੇ ਪਾਸੇ ਇਨ੍ਹਾਂ ਸਾਰੀਆਂ ਚਰਚਾਵਾਂ ਦੌਰਾਨ ਮਲੂਕਾ ਪਰਿਵਾਰ ਨੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ ਜਿਹੜੀ ਇਨ੍ਹਾਂ ਚਰਚਾਵਾਂ ਨੂੰ ਹੋਰ ਜ਼ੋਰ ਮਿਲ ਰਿਹਾ ਹੈ।
ਓਧਰ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਰਾਹੀਂ ਸੂਬੇ ਦੇ ਲੋਕਾਂ ਦੀ ਸਿਆਸੀ ਨਬਜ਼ ਪਛਾਣਦਿਆਂ ਅੱਧੇ ਤੋਂ ਵੱਧ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਤੈਅ ਕਰ ਲਏ ਹਨ। ਇਸ ਮੁਤਾਬਕ ਲੋਕ ਸਭਾ ਹਲਕਾ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਧਰਮਕੋਟ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਤੋਂ ਐੱਨਕੇ ਸ਼ਰਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫ਼ਿਰੋਜ਼ਪੁਰ ਤੋਂ ਬੌਬੀ ਮਾਨ ਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।