ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ) ਨੇ ਸਮੁੱਚੀਆਂ ਕਿਸਾਨ ਯੂਨੀਅਨਾਂ ਨੂੰ ਇਕਜੁੱਟ ਕਰਨ ਦਾ ਫੈਸਲਾ ਲੈਂਦਿਆਂ ਕੌਮੀ ਪੱਧਰ ਉਤੇ ਵਿਸ਼ਾਲ ਅੰਦੋਲਨ ਛੇੜਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਪੰਜਾਬ ਦੀਆਂ ਹੱਦਾਂ ’ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ’ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ।
ਐੱਸਕੇਐੱਮ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਇਕਜੁੱਟ ਕਰਨ ਲਈ ਛੇ ਮੈਂਬਰੀ ਤਾਲਮੇਲ ਕਮੇਟੀ ਬਣਾਈ ਹੈ, ਜੋ ਐੱਸਕੇਐੱਮ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਖ-ਵੱਖ ਧੜਿਆਂ ਨਾਲ ਗੱਲਬਾਤ ਕਰੇਗੀ।ਸੰਯੁਕਤ ਕਿਸਾਨ ਮੋਰਚੇ ਨੇ ਇਥੇ ਕਿਸਾਨ ਭਵਨ ’ਚ ਪੰਜਾਬ, ਹਰਿਆਣਾ, ਦਿੱਲੀ, ਉਤਰਾਖੰਡ, ਝਾਰਖੰਡ, ਹਰਿਆਣਾ, ਕੇਰਲਾ, ਆਂਧਰਾ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਸੌ ਤੋਂ ਵੱਧ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ’ਚ ਨਵੇਂ ਫੈਸਲੇ ਲਏ ਗਏ ਹਨ।
ਆਗੂਆਂ ਨੇ ਦੱਸਿਆ ਕਿ ਐੱਸਕੇਐੱਮ ਵੱਲੋਂ 23 ਫਰਵਰੀ ਨੂੰ ਕੌਮੀ ਪੱਧਰ ’ਤੇ ‘ਕਾਲਾ ਦਿਵਸ’ ਮਨਾਇਆ ਜਾਵੇਗਾ ਜਿਸ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਕੇਂਦਰੀ ਟਰੇਡ ਯੂਨੀਅਨਾਂ ਨੂੰ ਪਹਿਲਾਂ ਹੀ ਸੱਦਾ ਦਿੱਤਾ ਜਾ ਚੁੱਕਾ ਹੈ। 26 ਫਰਵਰੀ ਨੂੰ ਕੌਮੀ ਅਤੇ ਸੂਬਾਈ ਸੜਕ ਮਾਰਗਾਂ ’ਤੇ ਟਰੈਕਟਰ ਮਾਰਚ ਕੀਤਾ ਜਾਵੇਗਾ ਜਿਸ ਦਾ ਮਕਸਦ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਭਾਰਤ ’ਤੇ ਦਬਾਅ ਬਣਾਉਣਾ ਹੈ।
ਆਗੂਆਂ ਨੇ ਕਿਹਾ ਕਿ ਸੜਕਾਂ ’ਤੇ ਇੱਕ ਪਾਸੇ ਟਰੈਕਟਰ ਖੜ੍ਹੇ ਕੀਤੇ ਜਾਣਗੇ ਅਤੇ ਟਰੈਫਿਕ ਨਹੀਂ ਰੋਕੀ ਜਾਵੇਗੀ। ਇਸੇ ਕੜੀ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਵਿਸ਼ਾਲ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾਵੇਗੀ ਜਿਸ ਵਿਚ ਸ਼ਮੂਲੀਅਤ ਲਈ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਸਮੇਤ ਸਾਰੇ ਵਰਗਾਂ ਨੂੰ ਅਪੀਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਰਾਜ ਭਵਨਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਵਾਸਤੇ ਕਿਹਾ ਗਿਆ ਹੈ।