ਮੁੱਖ ਮੰਤਰੀ ਸਣੇ ਵੱਡੀ ਗਿਣਤੀ ‘ਚ ਪੁੱਜ ਰਹੇ ਹਨ ਪ੍ਰਸ਼ੰਸਕ
ਪੰਜਾਬੀ ਸਾਹਿਤ ਦੇ ਬਾਬਾ ਬੋਹੜ, ਪ੍ਰਸਿੱਧ ਪੰਜਾਬੀ ਲੇਖਕ, ਕਵੀ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ 13 ਮਈ ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਵਿਦਾਈ ਮੌਕੇ ਹਰ ਅੱਖ ਨਮ ਹੈ। ਇਸ ਦੁੱਖ ਦੀ ਘੜੀ ਵਿਚ ਸ਼ਰੀਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਡਾ. ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਹ ਨੂੰ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੌਸਲ, ਮੁਹੰਮਦ ਸਦੀਕ, ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ, ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਸਣੇ ਲੁਧਿਆਣਾ ਦੇ ਕਰੀਬ ਸਾਰੇ ਵਿਧਾਇਕ ਪਹੁੰਚੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਵੀ ਪੁੱਜੀ ਹੈ।ਦੱਸ ਦੇਈਏ ਕਿ ਡਾ. ਸੁਰਜੀਤ ਪਾਤਰ ਦਾ 11 ਮਈ ਦਿਨ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।