ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਦੇਣ ’ਤੇ ਕਿਹਾ ਕਿ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਨਫ਼ਰਤ ਦੀ ਭਾਵਨਾ ਨਾਲ ਉਨ੍ਹਾਂ ’ਤੇ ਪੰਜ ਕੇਸ ਦਰਜ ਕੀਤੇ ਸਨ। ਤਿੰਨ ਕੇਸਾਂ ਵਿਚ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਤਾਂ ਨਾਰਕੋਟਿਕਸ ਦੇ ਝੂਠੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ 4 ਜਨਵਰੀ ਨੂੰ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਤਾਂ ਉਸੇ ਦਿਨ ਤੜਕੇ ਗਵਾਹ ਨੂੰ ਧਮਕਾਉਣ ਦਾ ਝੂਠਾ ਕੇਸ ਦਰਜ ਕਰ ਲਿਆ। ਖਹਿਰਾ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਐੱਨਡੀਪੀਸੀ ਐਕਟ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਜ਼ਮਾਨਤ ਰੱਦ ਕਰਵਾਉਣ ਲਈ ਬਹੁਤ ਕਾਹਲੀ ਵਿਚ ਸਰਕਾਰ ਸੁਪਰੀਮ ਕੋਰਟ ਪੁੱਜ ਗਈ। ਉਨ੍ਹਾਂ ਨੂੰ ਫਸਾਉਣ ਲਈ ਝੂਠੀਆਂ ਗਵਾਹੀਆਂ ਤੇ ਝੂਠੀਆਂ ਰਿਕਵਰੀਆਂ ਪਲਾਂਟ ਕੀਤੀਆਂ ਗਈਆਂ ਅਤੇ ਸੁਪਰੀਮ ਕੋਰਟ ਨੇ ਜਾਂਚ ਏਜੰਸੀ ਦੀ ਜਾਂਚ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਗ਼ਲਤ ਕੀਤਾ ਹੈ, ਉਨ੍ਹਾਂ ਨੂੰ ਗ਼ਲਤੀ ਦਾ ਖਮਿਆਜ਼ਾ ਭੁਗਤਣਾ ਪਵੇਗਾ। ਵਰਨਣਯੋਗ ਹੈ ਕਿ ਬੁੱਧਵਾਰ ਨੂੰ ਖਹਿਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਿਹਾ ਸੀ ਕਿ ਉਹ ਮਾਮਲੇ ਨੂੰ ਤਹਿ ਤੱਕ ਲੈ ਕੇ ਜਾਣਗੇ ਤੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕਰਨਗੇ।