ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਅਤੇ ਗਾਂਧੀ ਪਰਿਵਾਰ ਦੇ ਇਸ਼ਾਰਿਆਂ ’ਤੇ ਪੰਜਾਬ ਵਿਚ ਅਜਿਹਾ ਰਾਜਨੀਤਕ ਮਾਹੌਲ ਸਿਰਜਿਆ ਗਿਆ ਜਿਸ ਨਾਲ ਦੋਵਾਂ ਪਾਰਟੀਆਂ ਨੂੰ ਫ਼ਾਇਦਾ ਹੋਵੇ ਪ੍ਰੰਤੂ ਪੰਜਾਬ ਦੇ ਲੋਕ ਮਾਨ ਸਰਕਾਰ ਦੀ ਸਵਾ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਹੀ ਤੌਬਾ ਕਰ ਚੁੱਕੇ ਹਨ…
ਮੁੱਖ ਭਗਵੰਤ ਮਾਨ ਨੇ ਦਿਨ ਦਾ ਸਮਝੌਤਾ ਇੰਡੀਆ ਗੱਠਜੋੜ ਨਾਲ ਤੇ ਰਾਤ ਦਾ ਮੋਦੀ ਤੇ ਅਮਿਤ ਸ਼ਾਹ ਨਾਲ ਕੀਤਾ ਹੋਇਆ ਹੈ। 13-0 ਅਤੇ 400 ਤੋਂ ਪਾਰ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕ ਸਭਾ ਲਈ ਉਮੀਦਵਾਰ ਨਹੀਂ ਮਿਲ ਰਹੇ ਜਿਸ ਕਾਰਨ ਦੂਜੀਆਂ ਪਾਰਟੀਆਂ ਤੋਂ ਆਏ ਦਲ-ਬਦਲੂਆਂ ਨੂੰ ਦੋਨੋਂ ਪਾਰਟੀਆਂ ਟਿਕਟ ਦੇ ਕੇ ਚੋਣ ਲੜਵਾ ਰਹੀਆਂ ਹਨ।
ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਹੁਸ਼ਿਆਰਪੁਰ ਦੇ ਕਸਬਾ ਬੁੱਲ੍ਹੋਵਾਲ ’ਚ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਯੂਥ ਇੰਚਾਰਜ ਅਰਮਿੰਦਰ ਸਿੰਘ ਹੁਸੈਨਪੁਰ ਅਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੋ ਸਾਲਾਂ ਵਿਚ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕਈ ਥਾਵਾਂ ’ਤੇ ਜਾਣ-ਬੁੱਝ ਕੇ ਕਮਜ਼ੋਰ ਉਮੀਦਵਾਰ ਦਿੱਤੇ ਗਏ ਹਨ ਤਾਂ ਜੋ ਕਾਂਗਰਸ ਨੂੰ ਪੰਜਾਬ ਵਿਚ ਲੋਕ ਸਭਾ ਦੀਆਂ ਜ਼ਿਆਦਾ ਸੀਟਾਂ ਜਿਤਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਮੁੜ ਤਕੜਾ ਹੋਇਆ ਹੈ ਅਤੇ ਇਸ ਦੇ ਉਮੀਦਵਾਰ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ।