ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ
ਸਿੱਖ ਇਤਿਹਾਸ ਦੇ ਪੰਨਿਆਂ ’ਚ ਵਿਲੱਖਣ ਸਥਾਨ ਰੱਖਦੇ ਮਹਾਨ ਸਿੰਘਾਂ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਸਬੰਧੀ ਹੋਏ ਧਾਰਮਿਕ ਸਮਾਗਮਾਂ ’ਚ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਸਰਮਸ਼ਾਰ ਕੀਤਾ। ਅਨੰਦ ਸਾਹਿਬ ਜੀ ਦੇ ਜਾਪ ਤੋਂ ਬਾਅਦ ਗਿਆਨੀ ਸੋਹਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ’ਚ ਸਿੱਖ ਪੰਥ ਦੀਆਂ ਨਾਮਵਰ ਸਖਸ਼ੀਅਤਾਂ ਨੇ ਕਥਾ ਵਿਚਾਰਾਂ ਰਾਹੀਂ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ’ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਸੰਗਤ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਆ। ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਫੁੱਲਾਂ ਦੀਆਂ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਸਮਾਗਮਾਂ ’ਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੇ ਧਾਰਮਿਕ ਸਮਾਗਮ ’ਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੱਥੇਦਾਰ ਅਵਤਾਰ ਸਿੰਘ ਵਣਵਾਲਾ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜੱਥੇਦਾਰ ਨਵਤੇਜ ਸਿੰਘ ਕਾਉਣੀ, ਅਕਾਲੀ ਆਗੂ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਜਥੇਦਾਰ ਹੀਰਾ ਸਿੰਘ ਚੜ੍ਹੇਵਾਨ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਹਾਜ਼ਰ ਸਨ।