ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ ਨੂੰ ਆਪਣੇ ਇਸ ਬੇਤੁੱਕੇ ਬਿਆਨਾਂ ਕਾਰਨ ਦੇਸ਼ ਅਤੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਤੋਂ ਬਿਨਾਂ ਸਰਤ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤੇ ਦੇਸ਼ ਦਾ ਅੰਨਦਾਤਾ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵੇਗਾ ।
ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਉਸ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਹੈ ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਦੀ ਤੁਲਨਾ ਮਾੜੇ ਅਨਸਰਾਂ ਅਤੇ ਦੰਗਾਕਾਰੀਆ ਨਾਲ ਕੀਤੀ ਹੈ। ਕਿਸਾਨਾਂ ਨੂੰ ਭੰਨਤੋੜ ਕਰਨ ਵਾਲੇ ਅਨਸਰ ਕਹਿਣ ਵਾਲੇ ਬਿਆਨ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਸ਼ੰਭੂ ਬਾਰਡਰ ਤੇ ਸਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਉਲਟਾ ਹਰਿਆਣਾ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਨੇ ਪੰਜਾਬ ਦੀ ਸਰਹੱਦ ਵਿਚ ਦਾਖਲ ਹੋ ਕੇ ਅੰਦੋਲਨਕਾਰੀ ਕਿਸਾਨਾਂ ਤੇ ਬੇਹਤਾਸ਼ਾ ਤਸ਼ੱਦਦ ਕਰਕੇ ਅੰਦੋਲਨਕਾਰੀ ਕਿਸਾਨਾਂ ਦੀਆਂ ਲੱਤਾਂ ਪਸਲੀਆਂ ਤੋੜ ਦਿੱਤੀਆ। ਰੰਧਾਵਾ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕੱਲ੍ਹ ਦਿੱਤੇ ਉਸ ਬਿਆਨ ਦੀ ਵੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਨਹੀਂ ਵੜਨ ਦਿੱਤਾ ਜਾਵੇਗਾ ।ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਭਾਜਪਾ ਦੀ ਕੋਈ ਨਿੱਜੀ ਜਾਗੀਰ ਨਹੀਂ ਇਹ ਸਾਰੇ ਭਾਰਤ ਦੇ ਲੋਕਾਂ ਦੀ ਰਾਜਧਾਨੀ ਹੈ। ਉਹਨਾਂ ਕਿਹਾ ਭਾਜਪਾ ਅੰਦੋਲਨਕਾਰੀ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੇਣ ਅਤੇ ਕਿਸਾਨੀ ਕਰਜ਼ੇ ਮਾਫ ਕਰਨ ਤੇ ਛੋਟੇ ਵਪਾਰੀਆਂ ਅਤੇ ਇੰਡਸਟਰੀ ਲਿਸਟ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਦੇਸ਼ ਦਾ ਪੇਟ ਭਰਨ ਵਾਲੇ ਪੰਜਾਬ ਸਮੇਤ ਭਾਰਤ ਦੇ ਕਿਸਾਨਾਂ ਤੇ ਮਾੜੇ ਅਨਸਰ ਅਤੇ ਭੰਨ ਤੋੜ ਕਰਨ ਵਾਲੇ ਅਨਸਰਾਂ ਦਾ ਟੈਗ ਲਾ ਕਿ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਝੀ ਚਾਲ ਚੱਲ ਰਹੀ ਹੈ। ਜਦ ਕਿ ਜਥੇਦਾਰ ਬਘੇਲ ਸਿੰਘ ਨੇ ਆਜ਼ਾਦੀ ਤੋਂ ਪਹਿਲਾਂ ਦਿੱਲੀ ਨੂੰ ਮੁਗਲਾਂ ਤੋਂ ਆਜ਼ਾਦ ਕਰਵਾ ਕਿ ਦਿਲੀ ਦੇ ਲਾਲ ਕਿਲ੍ਹੇ ‘ਤੇ ਕੇਸਰੀਆ ਨਿਸ਼ਾਨ ਸਾਹਿਬ ਝੁਲਾਇਆ ਸੀ ।ਰੰਧਾਵਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜਾਦ ਕਰਵਾਉਣ ਲਈ ਬਾਕੀ ਦੇਸ਼ ਵਾਸੀਆਂ ਦੇ ਸਹਿਯੋਗ ਨਾਲ 80 % ਕੁਰਬਾਨੀਆਂ ਪੰਜਾਬੀਆਂ ਨੇ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ।ਉਹਨਾ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਾਹਿਬ ਜੀ ਨੇ ਸਵਿਧਾਨ ਵਿਚ ਰਹਿ ਕੇ ਸਾਂਤਮਈ ਤਰੀਕੇ ਨਾਲ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਘਰਸ਼ ਕਰਨ ਦਾ ਅਧਿਕਾਰ ਦਿੱਤਾ ਸੀ। ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ ਨੂੰ ਆਪਣੇ ਇਸ ਬੇਤੁੱਕੇ ਬਿਆਨਾਂ ਕਾਰਨ ਦੇਸ਼ ਅਤੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਤੋਂ ਬਿਨਾਂ ਸਰਤ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤੇ ਦੇਸ਼ ਦਾ ਅੰਨਦਾਤਾ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵੇਗਾ ।