ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫੈਲਾਈ ਜਾ ਰਹੀ ਨਫਰਤ ਦੀ ਰਾਜਨੀਤੀ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਰਿੰਦਰ ਮੋਦੀ ਅਤੇ ਉਸ ਦੇ ਸਾਥੀਆਂ ਵੱਲੋਂ ਫੈਲਾਏ ਜਾ ਰਹੇ ਝੂਠ ਅਤੇ ਘੱਟ ਗਿਣਤੀਆਂ ਖ਼ਿਲਾਫ਼ ਵਰਤੀ ਜਾ ਰਹੀ…
ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੈਪਾਲ ਸਿੰਘ ਸੰਧੂ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੀ ਵਰਕਰਾਂ ਨਾਲ ਰੱਖੀ ਵਰਕਰ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਵੱਖ-ਵੱਖ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਸੀਟਾਂ ਵਿੱਚੋਂ ਇਕ ਵੀ ਔਰਤ ਨੂੰ ਟਿਕਟ ਦੇਣ ਦੀ ਜ਼ਰੂਰਤ ਨਹੀਂ ਸਮਝੀ।
ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫੈਲਾਈ ਜਾ ਰਹੀ ਨਫਰਤ ਦੀ ਰਾਜਨੀਤੀ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਰਿੰਦਰ ਮੋਦੀ ਅਤੇ ਉਸ ਦੇ ਸਾਥੀਆਂ ਵੱਲੋਂ ਫੈਲਾਏ ਜਾ ਰਹੇ ਝੂਠ ਅਤੇ ਘੱਟ ਗਿਣਤੀਆਂ ਖ਼ਿਲਾਫ਼ ਵਰਤੀ ਜਾ ਰਹੀ ਅਪਮਾਨਜਨਕ ਸ਼ਬਦਾਵਲੀ ਦੀ ਦੇਸ਼-ਵਿਦੇਸ਼ ਵਿਚ ਜਾਗਰੂਕ ਤਬਕੇ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨਾਲ ਤੁਲਨਾ ਕਰਦਿਆਂ ਆਖਿਆ ਕਿ ਡਾ. ਮਨਮੋਹਨ ਸਿੰਘ ਦੀਆਂ ਦਲੀਲਾਂ ਅਤੇ ਸਕੀਮਾਂ ਦੀ ਵਿਦੇਸ਼ ਵਿਚ ਵੀ ਪ੍ਰਸ਼ੰਸਾ ਹੁੰਦੀ ਸੀ।
ਇਸ ਮੌਕੇ ਪਾਰਟੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਆਖਿਆ, ‘ਮੈਂ ਤੁਹਾਡੀ ਧੀ ਅਤੇ ਭੈਣ ਹਾਂ, ਮੈਂ ਤੁਹਾਡੇ ਦੁੱਖ-ਸੁੱਖ ਵਿੱਚ ਹਮੇਸ਼ਾ ਸ਼ਰੀਕ ਰਹਾਂਗੀ।’ ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੇ ਵਸਨੀਕਾਂ ਦੀ ਸੇਵਾ ਕਰਨ ਲਈ ਭੇਜਿਆ ਗਿਆ ਹੈ, ਉਹ ਜਿੱਥੇ ਹਲਕੇ ਦੇ ਵੋਟਰਾਂ ਦੀ ਸੇਵਾ ਲਈ ਤਤਪਰ ਰਹੇਗੀ, ਉੱਥੇ ਇਹ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵੀ ਪਾਵੇਗੀ।
ਇਸ ਮੌਕੇ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਬੁਲਾਰਿਆਂ ਵੱਲੋਂ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਮੂਹਰਲੀ ਕਤਾਰ ਦੇ ਆਗੂਆਂ ਦੇ ਹਰ ਝੂਠ ਦਾ ਦਲੀਲ ਨਾਲ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਸਮੇਤ ਸਾਬਕਾ ਮੰਤਰੀ ਉਪੇਂਦਰ ਸ਼ਰਮਾ, ਨਵਦੀਪ ਸਿੰਘ ਬੱਬੂ, ਅਜੈਪਾਲ ਸਿੰਘ ਸੰਧੂ, ਗਿੰਦਰਜੀਤ ਸਿੰਘ ਸੇਖੋਂ, ਦਰਸ਼ਨ ਸਿੰਘ ਢਿੱਲਵਾਂ, ਬੋਹੜ ਸਿੰਘ ਘਾਰੂ, ਅਮਰਜੀਤ ਸਿੰਘ ਸੁੱਖਾ ਖਾਰਾ, ਕੁੱਕੀ ਚੋਪੜਾ, ਦਰਸ਼ਨ ਸਿੰਘ ਸਹੋਤਾ, ਅਜੈਬ ਸਿੰਘ ਚਹਿਲ, ਭੁਪਿੰਦਰ ਸਿੰਘ ਸਹੋਕੇ, ਜੈ ਪ੍ਰਕਾਸ਼ ਆਦਿ ਨੇ ਵੀ ਸੰਬੋਧਨ ਕੀਤਾ।