ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਾਧਨਾਂ ਦੀ ਦੁਰਵਰਤੋਂ ਅਤੇ ਸਰਕਾਰੀ ਬੱਸਾਂ ਦੀ ਵਰਤੋਂ ਦੇ ਦੋਸ਼ ਲਾਉਂਦਿਆਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 28 ਮਈ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਚੋਣ ਰੈਲੀ ਕੋਈ ਸਰਕਾਰੀ ਪ੍ਰੋਗਰਾਮ ਨਹੀਂ ਹੈ।
ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਅਤੇ ਸਾਧਨਾਂ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕੀਤੀ। ਇਸ ਸੁਣਵਾਈ ਵਿੱਚ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ 28 ਮਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਮਾਨਿਕ ਗੋਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਇੱਕ ਪਾਸੇ ਸਰਕਾਰੀ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸਿਆਸੀ ਰੈਲੀਆਂ ਦੌਰਾਨ ਵਰਕਰਾਂ ਨੂੰ ਢੋਣ ਲਈ ਹਜ਼ਾਰਾਂ ਬੱਸਾਂ ਤਾਇਨਾਤ ਕੀਤੀਆਂ ਜਾਂਦੀਆਂ ਹਨ।
ਪਟੀਸ਼ਨਰ ਨੇ ਕਿਹਾ ਕਿ ਇਸ ਸਭ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਅਤੇ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ ਜਦਕਿ ਰੈਲੀ ਕੋਈ ਸਰਕਾਰੀ ਪ੍ਰੋਗਰਾਮ ਨਹੀਂ ਹੈ। ਅਧਿਆਪਕਾਂ ਨੂੰ ਵੀ ਬੱਸਾਂ ਦਾ ਇੰਚਾਰਜ ਬਣਾ ਕੇ ਰੈਲੀਆਂ ਵਿੱਚ ਭਾਗ ਲਿਆ ਜਾਂਦਾ ਹੈ। ਪਟੀਸ਼ਨਰ ਨੇ ਆਪਣੀ ਪਟੀਸ਼ਨ ਦੇ ਨਾਲ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਰੈਲੀਆਂ ਦੀਆਂ ਵੀਡੀਓਜ਼ ਨੱਥੀ ਕਰਦਿਆਂ ਕਿਹਾ ਕਿ ਜਨਤਾ ਦੇ ਪੈਸੇ ਦੀ ਸਿਆਸੀ ਰੈਲੀਆਂ ਲਈ ਵਰਤੋਂ ਨਹੀਂ ਹੋਣੀ ਚਾਹੀਦੀ।
ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਰਾਜ ਵਿਚ ਸੱਤਾਧਾਰੀ ਧਿਰ ਦੀਆਂ ਰੈਲੀਆਂ ਵਿਚ ਵਾਧਾ ਹੋਇਆ ਹੈ ਅਤੇ ਇਨ੍ਹਾਂ ਵਿਚ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਰੈਲੀਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਰੋਟੀਆਂ, ਅਚਾਰ, ਲੱਸੀ ਅਤੇ ਪਾਣੀ ਦੀਆਂ ਬੋਤਲਾਂ ਦਿੱਤੀਆਂ ਜਾਂਦੀਆਂ ਹਨ, ਜੋ ਕਿ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੈ।
ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਸਿਆਸੀ ਪ੍ਰੋਗਰਾਮਾਂ ਵਿਚ ਸਰਕਾਰੀ ਸਾਧਨਾਂ ਦੀ ਵਰਤੋਂ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ | ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਪਟੀਸ਼ਨ ਵਿੱਚ ਲਾਏ ਦੋਸ਼ਾਂ ਬਾਰੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।