ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਬੰਗਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਸ਼ਾਮ ਛੇ ਵਜੇ ਪਹੁੰਚਣਾ ਸੀ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਬੰਗਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਸ਼ਾਮ ਛੇ ਵਜੇ ਪਹੁੰਚਣਾ ਸੀ ਜਿਸ ਦਾ ਵਿਰੋਧ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤੇ ਵਰਕਰ ਬੰਗਾ ਦੀ ਦਾਣਾ ਮੰਡੀ ਵਿਖੇ ਇਕੱਤਰ ਹੋਏ ਸਨ ਜਿਨ੍ਹਾਂ ਵਿਚੋਂ 24 ਕਿਸਾਨਾਂ ਨੂੰ ਪੁਲਿਸ ਗਿ੍ਰਫ਼ਤਾਰ ਕਰ ਕੇ ਥਾਣਾ ਮੁਕੰਦਪੁਰ ਲੈ ਗਈ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਕਸ਼ਮੀਰ ਸਿੰਘ ਕਾਹਮਾ, ਸੁੱਚਾ ਸਿੰਘ ਬੈਂਸ ਅਤੇ ਕਸ਼ਮੀਰ ਸਿੰਘ ਮੱਲਪੁਰ ਨੇ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਸੰਵਿਧਾਨਕ ਹੱਕ ਹੈ ਅਤੇ ਪੁਲਿਸ ਨੇ ਕਿਸਾਨਾਂ ਦੇ ਇਸ ਹੱਕ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਲੰਮੇ ਸਮੇਂ ਤੋਂ ਕਿਸਾਨਾਂ ਨਾਲ ਜ਼ਿਆਦਤੀ ਕਰਦੀ ਆ ਰਹੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਚੋਣਾਂ ਵਿਚ ਭਾਜਪਾ ਦਾ ਤਿੱਖਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਵਿਰੋਧ ਅੱਗੇ ਵੀ ਜਾਰੀ ਰਹੇਗਾ। ਵੱਖਰੇ ਬਿਆਨਾਂ ਵਿਚ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਹਰੀ ਰਾਮ ਰਸੂਲਪੁਰੀ ਅਤੇ ਕਮਲਜੀਤ ਸਨਾਵਾ ਨੇ ਵੀ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਕਿਸਾਨਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਸੋਹਣ ਸਿੰਘ ਬਾਵਾ ਅਤੇ ਹੋਰ ਆਗੂ ਸ਼ਾਮਲ ਹਨ।