ਇਸ ਮੌਕੇ ਹਰੀਸ਼ ਚੌਧਰੀ ਆਬਜ਼ਰਵਰ ਪੰਜਾਬ ਕਾਂਗਰਸ ਨੇ ਕਿਹਾ ਕਿ ਸਮੁੱਚੇ ਪੰਜਾਬ ’ਚ ਕਾਂਗਰਸ ਇਕਜੁਟਤਾ ਨਾਲ ਚੋਣਾਂ ਲੜ ਰਹੀ ਹੈ।
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੋਮਵਾਰ ਨੂੰ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਤੇ ਆਬਜ਼ਰਵਰ ਹਰੀਸ਼ ਚੌਧਰੀ ਸਮੇਤ ਸੀਨੀਅਰ ਲੀਡਰ ਚੋਣ ਮੈਦਾਨ ’ਚ ਪੁੱਜੇ ਤੇ ਬਰਨਾਲਾ ’ਚ ਰੈਲੀ ਨੂੰ ਸੰਬੋਧਨ ਕੀਤਾ।
ਇਸ ਮੌਕੇ ਵੇਣੂਗੋਪਾਲ ਨੇ ਕਿਹਾ ਕਿ ਸਮੁੱਚੇ ਦੇਸ਼ ’ਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਜਿੱਤ ਰਹੇ ਹਨ ਤੇ ਹਰ ਥਾਂ ’ਤੇ ਜ਼ਬਰਦਸਤ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਵੀ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਸਥਿਤੀ ਬੇਹੱਦ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਪਾਰਟੀ ਘੱਟ ਗਿਣਤੀਆਂ ਲਈ ਖ਼ਤਰਾ ਹੈ, ਇਹ ਭਾਰਤ ਦੇ ਸੰਵਿਧਾਨ ਨੂੰ ਬਦਲ ਕੇ ਤਾਨਸ਼ਾਹ ਰਾਜ ਸਥਾਪਤ ਕਰਨਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। 4 ਜੂਨ ਨੂੰ ਆਉਣ ਵਾਲੇ ਨਤੀਜੇ ਦਰਸਾ ਦੇਣਗੇ ਕਿ ਲੋਕ ਸ਼ਾਂਤੀਪਸੰਦ ਪਾਰਟੀ ਦੇ ਹੱਕ ’ਚ ਹਨ ਜਾਂ ਤਾਨਸ਼ਾਹੀਆਂ ਦੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਸਮੁੱਚੇ ਦੇਸ਼ ’ਚ ਇੰਡੀਆ ਗੱਠਜੋੜ ਦੇ ਉਮੀਦਵਾਰਾਂ ਦੀ ਲਹਿਰ ਹੈ। ਸਾਰੇ ਰਾਜਾਂ ’ਚ ‘ਇੰਡੀਆ’ ਗੱਠਜੋੜ ਬਹੁਤ ਹੀ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਕਾਂਗਰਸ ਦੀ ਸਥਿਤੀ ਬਹੁਤ ਜ਼ਿਆਦਾ ਮਜ਼ਬੂਤ ਹੈ। ਪੰਜਾਬ ’ਚ ਭਾਰਤੀ ਜਨਤਾ ਪਾਰਟੀ ਕਿਸੇ ਵੀ ਮੁਕਾਬਲੇ ’ਚ ਨਹੀਂ ਹੈ। ਉਨ੍ਹਾਂ ਆਖਿਆ ਕਿ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਯਕੀਨੀ ਹੈ, ਖਹਿਰਾ ਇੱਥੋਂ ਵੱਡੇ ਫਰਕ ਨਾਲ ਜਿੱਤਣਗੇ।
ਇਸ ਮੌਕੇ ਹਰੀਸ਼ ਚੌਧਰੀ ਆਬਜ਼ਰਵਰ ਪੰਜਾਬ ਕਾਂਗਰਸ ਨੇ ਕਿਹਾ ਕਿ ਸਮੁੱਚੇ ਪੰਜਾਬ ’ਚ ਕਾਂਗਰਸ ਇਕਜੁਟਤਾ ਨਾਲ ਚੋਣਾਂ ਲੜ ਰਹੀ ਹੈ। ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਭਾਜਪਾ ਨੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ, ਜਿਸ ਕਾਰਨ ਸਮੁੱਚੇ ਦੇਸ਼ ਦੇ ਕਿਸਾਨਾਂ ’ਚ ਭਾਜਪਾ ਪ੍ਰਤੀ ਰੋਸ ਹੈ ਤੇ ਇਸ ਰੋਸ ਵੋਟਾਂ ਰਾਹੀਂ ਬਾਹਰ ਆਵੇਗਾ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਸਮੁੱਚੇ ਕਾਂਗਰਸੀ ਆਗੂਆਂ ਦਾ ਪੁੱਜਣ ’ਤੇ ਭਰਵਾਂ ਸਵਾਗਤ ਵੀ ਕੀਤਾ।