ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਕੁਝ ਨਵਾਂ ਕਰਨ ਤੇ ਬਦਲੀਆਂ ਕਰਨ ਸਬੰਧੀ ਡੀਜੀਪੀ ਰਾਹੀਂ ਹੁਕਮ ਜਾਰੀ ਕੀਤੇ ਗਏ ਸਨ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਿਸ ਵਿਭਾਗ ਵੱਲੋਂ ਫ਼ਰੀਦਕੋਟ ਅਤੇ ਬਠਿੰਡਾ ਰੇਂਜ ਦੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਇਸ ਸਬੰਧੀ ਸੋਮਵਾਰ ਸ਼ਾਮ ਤੱਕ ਹੁਕਮ ਜਾਰੀ ਕਰ ਦਿੱਤੇ ਜਾਣਗੇ।
ਇਸ ਸਬੰਧੀ ਗੱਲਬਾਤ ਕਰਦਿਆਂ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਕੁਝ ਨਵਾਂ ਕਰਨ ਤੇ ਬਦਲੀਆਂ ਕਰਨ ਸਬੰਧੀ ਡੀਜੀਪੀ ਰਾਹੀਂ ਹੁਕਮ ਜਾਰੀ ਕੀਤੇ ਗਏ ਸਨ ਜਿਸ ਕਾਰਨ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਇਲਾਕੇ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਰੇਂਜ ‘ਚ ਕਰੀਬ 2 ਹਜ਼ਾਰ ਮੁਲਾਜ਼ਮਾਂ ਤੇ ਅਧਿਕਾਰੀਆਂ ਅਤੇ ਬਠਿੰਡਾ ਰੇਂਜ ‘ਚ 1950 ਦੇ ਕਰੀਬ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਹ ਪ੍ਰਕਿਰਿਆ ਸੋਮਵਾਰ ਸ਼ਾਮ ਤਕ ਮੁਕੰਮਲ ਕਰ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਬਾਦਲਿਆਂ ਨਾਲ ਪੁਲਿਸ ਦੇ ਕੰਮਕਾਜ ‘ਚ ਚੁਸਤੀ ਆਵੇਗੀ ਤੇ ਨਵੀਂ ਕਿਸਮ ਦਾ ਵਰਕ ਕਲਚਰ ਪੈਦਾ ਹੋਵੇਗਾ। ਨਵੇਂ ਮਾਹੌਲ ‘ਚ ਨਵੀਂ ਥਾਂ ‘ਤੇ ਕੰਮ ਕਰਨ ਨਾਲ ਮੁਲਾਜ਼ਮਾਂ ਨੂੰ ਨਵਾਂ ਅਨੁਭਵ ਮਿਲੇਗਾ ਤੇ ਬਿਹਤਰ ਨਤੀਜੇ ਪ੍ਰਾਪਤ ਹੋਣ ਦੀ ਸੰਭਾਵਨਾ ਹੈ।
ਆਈਜੀ ਸੰਧੂ ਨੇ ਦੱਸਿਆ ਕਿ ਇਨ੍ਹਾਂ ਤਬਾਦਲਿਆਂ ‘ਚ ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤਕ ਦੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੁਝ ਤਬਾਦਲੇ ਜ਼ਿਲ੍ਹਿਆਂ ‘ਚ ਅਤੇ ਕੁਝ ਹੋਰ ਜ਼ਿਲ੍ਹਿਆਂ ‘ਚ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਤਬਾਦਲਿਆਂ ਦਾ ਸਕਾਰਾਤਮਕ ਪ੍ਰਭਾਵ ਪਵੇਗਾ ਤੇ ਚੰਗੇ ਨਤੀਜੇ ਸਾਹਮਣੇ ਆਉਣਗੇ।