HomeCrimePunjab ਪੁਲਿਸ ਨੇ 246 ਵੱਡੇ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਕੀਤੀ ਛਾਪੇਮਾਰੀ
Punjab ਪੁਲਿਸ ਨੇ 246 ਵੱਡੇ ਨਸ਼ਾ ਤਸਕਰਾਂ ਦੇ ਠਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ‘ਤੇ ਚਲਾਇਆ ਗਿਆ ਸੀ ਆਪ੍ਰੇਸ਼ਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ ਇੱਕ ਵੱਡੇ ਨਸ਼ਾ ਤਸਕਰ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਿਹੜੇ ਇਸ ਸਮੇਂ ਜ਼ਮਾਨਤ ‘ਤੇ ਰਿਹਾਅ ਹਨ।
ਵੱਡੇ ਨਸ਼ਾ ਤਸਕਰਾਂ ਵਿੱਚ ਉਹ ਲੋਕ ਸ਼ਾਮਲ ਹਨ ਜੋ 2 ਕਿਲੋ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਰਾਜ ਵਿੱਚ ਐਨਡੀਪੀਐਸ ਦੇ 257 ਮਾਮਲਿਆਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 246 ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਸਰਗਰਮ ਹਨ।
ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਵੱਡੇ ਨਸ਼ਾ ਤਸਕਰਾਂ ਦੀ ਸੂਚੀ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਸਖ਼ਤ ਪੁਲਿਸ ਪਾਰਟੀਆਂ ਤਾਇਨਾਤ ਕਰ ਕੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਪੁਲਿਸ ਟੀਮਾਂ ਨੂੰ ਵੀ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ ਕਿਸੇ ਵੀ ਗੈਰ-ਕਾਨੂੰਨੀ ਸਮੱਗਰੀ/ਇਲੈਕਟ੍ਰਾਨਿਕ ਯੰਤਰ ਦੀ ਤਲਾਸ਼ੀ ਲੈਣ ਲਈ ਕਿਹਾ ਗਿਆ ਹੈ।
1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀ 113 ਤੋਂ ਵੱਧ ਪੁਲਿਸ ਪਾਰਟੀਆਂ ਨੇ 246 ਵੱਡੇ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਵਿਚੋਂ 188 ਦੀ ਚੈਕਿੰਗ ਕੀਤੀ।
ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੇ ਕੀਤੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਛਾਪੇਮਾਰੀ ਦੌਰਾਨ ਕਿੰਨੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।