ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ।
ਮਾਨਸੂਨ ਦੇ ਆਉਣ ਤੋਂ ਬਾਅਦ ਦੇਸ਼ ਦੇ ਦੱਖਣੀ ਰਾਜਾਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਮਾਨਸੂਨ ਦੀ ਬਾਰਿਸ਼ ਨੇ ਹੁਣ ਕਈ ਉੱਤਰ-ਪੂਰਬੀ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੇਸ਼ ਭਰ ਦੇ ਨੌਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਦੇ ਅਨੁਸਾਰ ਅਗਲੇ ਚਾਰ ਦਿਨਾਂ ਵਿੱਚ ਗੋਆ, ਕਰਨਾਟਕ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਗੁਜਰਾਤ ਵਿੱਚ 24-25 ਜੂਨ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।
ਅਗਲੇ ਚਾਰ ਦਿਨਾਂ ਦੌਰਾਨ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਵਿਦਰਭ ਖੇਤਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਕੱਲ੍ਹ ਸ਼ਾਮ ਤੋਂ ਕਈ ਇਲਾਕਿਆਂ ਵਿਚ ਭਰਵਾਂ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਵਿਚ 28 ਜੂਨ ਤੋਂ ਮਾਨਸੂਨ ਵੀ ਸਰਗਰਮ ਹੋਣ ਜਾ ਰਿਹਾ ਹੈ। ਇਸ ਲਈ ਆਉਂਦੇ ਕੁਝ ਹਫਤਿਆਂ ਤੱਕ ਠੰਢ ਬਣੀ ਰਹੇਗੀ।
ਮੌਸਮ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਉੱਤਰ ਪ੍ਰਦੇਸ਼ ਵਿੱਚ 25 ਤੋਂ 27 ਜੂਨ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ
ਰਾਜਧਾਨੀ ਦਿੱਲੀ ‘ਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ ਨੇ ਅਤਿ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦੱਖਣ-ਪੱਛਮੀ ਮਾਨਸੂਨ ਦੇਸ਼ ਦੇ ਅੱਧੇ ਤੋਂ ਵੱਧ ਹਿੱਸੇ ਵਿੱਚ ਪਹੁੰਚ ਗਿਆ ਹੈ। ਐਤਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ ਅਤੇ ਦਿਨ ਭਰ ਆਸਮਾਨ ‘ਚ ਬੱਦਲ ਛਾਏ ਰਹੇ।
ਇਸ ਕਾਰਨ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਅਤੇ ਘੱਟ ਤੋਂ ਘੱਟ 29.6 ਡਿਗਰੀ ਦਰਜ ਕੀਤਾ ਗਿਆ।
ਦੂਜੇ ਰਾਜਾਂ ਦੇ ਮੌਸਮ ਦੀ ਸਥਿਤੀ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਕਰਨਾਟਕ ਅਤੇ ਕੇਰਲ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼, ਸਿੱਕਮ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਭਾਰੀ ਮੀਂਹ ਪੈ ਸਕਦਾ ਹੈ।
ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੂਰਬੀ ਗੁਜਰਾਤ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਰਾਇਲਸੀਮਾ, ਅੰਦਰੂਨੀ ਕਰਨਾਟਕ, ਗੰਗਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।





