ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਰੋਕਣ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਰੋਕਣ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਗਰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ।
ਗਰਗ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਗਰਗ ਨੇ ਕਿਹਾ ਕਿ ਇਹ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ ਦਾ ਮਸਲਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਘੀ ਢਾਂਚਾ ਹੈ, ਜਿਸ ਤਹਿਤ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਮਿਲ ਕੇ ਵਿਕਾਸ ਲਈ ਕੰਮ ਕਰਦੀਆਂ ਹਨ, ਪਰ ਮੋਦੀ ਸਰਕਾਰ ਇਸ ਦੇ ਉਲਟ ਕੰਮ ਕਰ ਰਹੀ ਹੈ। ਉਹ ਰਾਜਾਂ ਦੇ ਵਿਕਾਸ ਨੂੰ ਰੋਕਣ ਲਈ ਰੁਕਾਵਟਾਂ ਪੈਦਾ ਕਰਦੇ ਹਨ ਅਤੇ ਰਾਜ ਸਰਕਾਰ ਦੇ ਫ਼ੰਡਾਂ ਨੂੰ ਰੋਕਦੇ ਹਨ। ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਦੇ 380 ਕਰੋੜ ਰੁਪਏ ਰੋਕ ਦਿੱਤੇ ਹਨ।
ਨੀਲ ਗਰਗ ਨੇ ਕਿਹਾ ਕਿ ਦੋ ਸਾਲਾਂ ਵਿਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ 1.5 ਕਰੋੜ ਲੋਕਾਂ ਦਾ ਮੁਫ਼ਤ ਇਲਾਜ, ਦਵਾਈਆਂ, ਟੈਸਟ ਅਤੇ ਜਾਂਚ ਕੀਤੀਆਂ ਗਈਆਂ ਹਨ।
ਪਰ ਪੰਜਾਬ ਵਿੱਚ ਸਾਡੇ ਮੁਹੱਲਾ ਕਲੀਨਿਕਾਂ ਦੀ ਕਾਮਯਾਬੀ ਦੇਖ ਕੇ ਕੇਂਦਰ ਸਰਕਾਰ ਨੇ ਐਨਐਚਐਮ ਦੇ 600 ਕਰੋੜ ਰੁਪਏ ਰੋਕ ਦਿੱਤੇ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਹ ਮੁੱਦਾ ਆਪਣੀ ਸੀਨੀਅਰ ਲੀਡਰਸ਼ਿਪ ਕੋਲ ਉਠਾਉਣ ਅਤੇ ਪੰਜਾਬ ਨਾਲ ਵਿਤਕਰਾ ਬੰਦ ਕਰਵਾਉਣ ਦੀ ਮੰਗ ਕੀਤੀ ਹੈ।