ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ
ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿਚ ਜੀਐੱਸਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਤੇ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਰਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਜ਼ੋਰ ਦਿੱਤਾ ਗਿਆ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੇਵਾ ਖੇਤਰ ਵਿਚ ਜੀਐੱਸਟੀ ਦੀ ਪਾਲਣਾ ’ਤੇ ਧਿਆਨ ਕੇਂਦਰਿਤ ਕਰ ਕੇ ਕਰ ਮਾਲੀਏ ਵਿਚ ਵਾਧੇ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਣਾਉਣ। ਇਸ ਵਿਆਪਕ ਸਮੀਖਿਆ ਮੀਟਿੰਗ ਵਿਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ।