ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਵਾਲੇ ਪੰਜ ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕਰ ਕੇ ਦਿੱਤੀ ਗਈ ਮੁਆਫੀ ਦੀ ‘ਪਰਦੇ ਪਿਛਲੀ ਕਹਾਣੀ ਨੂੰ ਜਨਤਕ ਕੀਤਾ ਜਾਵੇ।
ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਵਾਉਣ ਵਾਲੇ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਵਾਲੇ ਪੰਜ ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕਰ ਕੇ ਦਿੱਤੀ ਗਈ ਮੁਆਫੀ ਦੀ ‘ਪਰਦੇ ਪਿਛਲੀ ਕਹਾਣੀ ਨੂੰ ਜਨਤਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਸ ਵੇਲੇ ਜਥੇਦਾਰਾਂ ਕੋਲੋਂ ਇਸ ਸਬੰਧੀ ਸਪੱਸ਼ਟੀਕਰਨ ਲੈ ਕੇ ਅਸਲ ਦੋਸ਼ੀਆਂ ਨੂੰ ਸੰਗਤ ਦੀ ਕਚਹਿਰੀ ਵਿੱਚ ਬੇਨਕਾਬ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋ ਰਹੀ ਮੀਟਿੰਗ ਵਿੱਚ ਵਿਚਾਰ ਤੇ ਪੜਚੋਲ ਹੋਣੀ ਚਾਹੀਦੀ ਹੈ।
ਓਧਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ ‘ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।
ਇਸ ਮੀਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਦੋ ਗ੍ਰੰਥੀਆਂ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰ ਪਾਲ ਸਿੰਘ ਦਾ ਸੇਵਾ ਸੰਭਾਲ ਸਮਾਗਮ ਵੀ ਹੋਵੇਗਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ।