ਅਲਮਾਰੀ ‘ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।
ਪਿੰਡ ਖੈੜਾ ਦੋਨੋਂ ’ਚ ਅਣਪਛਾਤੇ ਚੋਰਾਂ ਨੇ ਪੁਲਿਸ ਸਬ-ਇੰਸਪੈਕਟਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਲਮਾਰੀ ਦਾ ਜਿੰਦਰਾ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਚੋਰੀ ਦਾ ਪਤਾ ਅਗਲੀ ਸਵੇਰ ਜਾਗਦਿਆਂ ਲੱਗਾ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਣਪਛਾਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।
ਥਾਣਾ ਸਦਰ ਨੂੰ ਦਿੱਤੀ ਸ਼ਿਕਾਇਤ ’ਚ ਚਰਨਜੀਤ ਸਿੰਘ ਵਾਸੀ ਪਿੰਡ ਖੇੜਾ ਦੋਨਾ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ’ਚ ਸਬ-ਇੰਸਪੈਕਟਰ ਹੈ ਤੇ ਹੁਸ਼ਿਆਰਪੁਰ ’ਚ ਤਾਇਨਾਤ ਹੈ। 18 ਜੁਲਾਈ ਦੀ ਰਾਤ ਨੂੰ ਉਹ ਖਾਣਾ ਖਾ ਕੇ ਪਰਿਵਾਰ ਸਮੇਤ ਸੌਂ ਗਿਆ ਪਰ ਜਦੋਂ ਉਹ ਅਗਲੇ ਦਿਨ ਸਵੇਰੇ 5 ਵਜੇ ਉੱਠਿਆ ਤਾਂ ਦੇਖਿਆ ਕਿ ਕਮਰੇ ਨੂੰ ਕਿਸੇ ਨੇ ਬਾਹਰੋਂ ਤਾਲਾ ਲਾਇਆ ਹੋਇਆ ਸੀ।
ਜਦੋਂ ਉਸ ਨੇ ਕਮਰੇ ਦੀ ਖਿੜਕੀ ਤੋਂ ਪਿੱਛੇ ਮੁੜ ਕੇ ਦੇਖਿਆ ਤਾਂ ਉਸ ਦੇ ਘਰ ਦੇ ਦੂਜੇ ਕਮਰੇ ਦੀ ਖਿੜਕੀ ਖੁੱਲ੍ਹੀ ਹੋਈ ਸੀ ਅਤੇ ਤਾਲਾ ਵੀ ਟੁੱਟਿਆ ਹੋਇਆ ਸੀ। ਅੰਦਰ ਜਾ ਕੇ ਦੇਖਿਆ ਕਿ ਲੋਹੇ ਦੀ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਮਾਨ ਖਿੱਲਰਿਆ ਪਿਆ ਸੀ। ਅਲਮਾਰੀ ‘ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।
ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰਾਂ ਨੂੰ ਫੜਨ ਲਈ ਘਰ ਦੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਚੋਰਾਂ ਨੂੰ ਫੜ ਲਿਆ ਜਾਵੇਗਾ।