ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।