ਮਾਮਲੇ ਸਬੰਧੀ ਐਸਆਈ ਜਸਵੀਰ ਸਿੰਘ ਥਾਣਾ ਭਵਾਨੀਗੜ੍ਹ (Bhawanigarh) ਨੇ ਦੱਸਿਆ ਕਿ ਮੰਗਲਵਾਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਰ ਤੇ ਮੋਟਰਸਾਈਕਲ ‘ਤੇ ਸਵਾਰ ਕੁਝ ਵਿਅਕਤੀਆਂ ਨੇ ਪਿੰਡ ਰਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ‘ਤੇ ਹਮਲਾ ਕਰ ਦਿੱਤਾ ਹੈ।
ਸੂਚਨਾ ਮਿਲਣ ’ਤੇ ਜਦੋਂ ਉਹ ਪੁਲਿਸ ਪਾਰਟੀ ਨਾਲ ਰਾਮਪੁਰਾ ਰੋਡ ’ਤੇ ਸਥਿਤ ਇਕ ਸਕੂਟੀ ਏਜੰਸੀ ਨੇੜੇ ਪੁੱਜੇ ਤਾਂ ਪੁਲਿਸ ਨੇ ਰਾਮਪੁਰਾ ਪਿੰਡ ਵੱਲੋਂ ਕਾਰ ਆਉਂਦੀ ਦੇਖੀ ਜਿਸ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰੰਤੂ ਉਸਦੇ ਚਾਲਕ ਨੇ ਕਥਿਤ ਤੌਰ ’ਤੇ ਮਾਰਨ ਦੀ ਨੀਅਤ ਨਾਲ ਗ਼ਲਤ ਸਾਈਡ ਤੋਂ ਲਿਆ ਕੇ ਆਪਣੀ ਕਾਰ ਪੁਲਿਸ ਦੀ ਸਰਕਾਰੀ ਗੱਡੀ ਵਿੱਚ ਮਾਰੀ। ਜਿਸ ਕਾਰਨ ਸਰਕਾਰੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।
ਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਤੋਂ ਬਾਅਦ ਕਾਰ ਵਿੱਚ ਬੈਠੇ 6 ਵਿੱਚੋਂ 5 ਨੌਜਵਾਨ ਕਾਰ ਛੱਡ ਕੇ ਮੌਕੇ ਤੋਂ ਭੱਜ ਨਿਕਲੇ ਜਦਕਿ ਇੱਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਿਸ ਦੀ ਪਛਾਣ ਅਮਰਿੰਦਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ।
ਮਾਮਲੇ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਅਮਰਿੰਦਰ ਸਿੰਘ ਅਤੇ ਫਰਾਰ ਹੋਏ 5 ਅਣਪਛਾਤੇ ਨੌਜਵਾਨਾਂ ਖਿਲਾਫ਼ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।