ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਵੀ ਇਕ ਨੌਜਵਾਨ ‘ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਦੋਂ ਪੀੜਤ ਦੇ ਪਿਓ ਨੇ ਉਸ ਦੀ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਲਕਸ਼ਮਣ ਦਾਸ ਵਜੋਂ ਹੋਈ ਹੈ ਜੋ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਚਮਨ ਲਾਲ ਦਾ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਅੱਜ ਜਦੋਂ ਕੁਝ ਨੌਜਵਾਨਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸ ਦੇ ਪਿਤਾ ਲਕਸ਼ਮਣ ਦਾਸ ਨੇ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ 3 ਤੋਂ 4 ਫ਼ਾਇਰ ਕੀਤੇ ਗਏ। ਇਨ੍ਹਾਂ ‘ਚੋਂ ਇਕ ਗੋਲ਼ੀ ਲਕਸ਼ਮਣ ਦਾਸ ਦੇ ਦਿਲ ਵਿਚ ਲੱਗੀ ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਲਿਜਾਇਆ ਗਿਆ। ਉੱਥੇ ਜ਼ੇਰੇ ਇਲਾਜ ਲਕਸ਼ਮਣ ਦਾਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਘਟਨਾ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਐੱਸ.ਐੱਸ.ਪੀ. ਸਤਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਹਮਲਾਵਰ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਹਮਲਾਵਰ ਤਿੰਨ ਨੌਜਵਾਨ ਅੰਮ੍ਰਿਤਸਰ ਤੋਂ ਹਨ ਤੇ ਇਕ ਨੌਜਵਾਨ ਜੰਡਿਆਲਾ ਗੁਰੂ ਤੋਂ ਹੈ। ਲਕਸ਼ਮਣ ਦਾਸ ਦੇ ਪੁੱਤਰ ਦੇ ਬਿਆਨਾਂ ਉੱਪਰ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਬਰੈੱਡ ਦੀ ਡਿਲੀਵਰੀ ਕਰਦਾ ਹੈ ਤੇ ਇੱਥੇ ਪਹਿਲਾਂ ਵੀ ਆਉਂਦਾ ਜਾਂਦਾ ਹੈ। ਪੁਲਸ ਪਾਰਟੀਆਂ ਛਾਪੇਮਾਰੀ ਕਰ ਰਹੀਆਂ ਹਨ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।