ਜ਼ਿਕਰਯੋਗ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਸੀ ਕਿ ਤਿੰਨ ਖੇਤੀ ਕਾਨੂੰਨ ਮੁੜ ਬਹਾਲ ਕੀਤੇ ਜਾਣੇ ਚਾਹੀਦੇ ਹਨ। ਮੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਗਨਾ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਬਿਆਨ ਵਿਵਾਦਤ ਹੋ ਸਕਦਾ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ।
ਕਿਸਾਨਾਂ ਨੂੰ ਖ਼ੁਦ ਇਨ੍ਹਾਂ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਤਿੰਨੇ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਪਰ ਕੁਝ ਸੂਬਿਆਂ ’ਚ ਕਿਸਾਨਾਂ ਦੇ ਵਿਰੋਧ ਕਾਰਨ ਸਰਕਾਰ ਨੇ ਇਹ ਰੱਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਪਿਲਰ ਹਨ।
ਮੈਂ ਚਾਹੁੰਦੀ ਹਾਂ ਕਿ ਉਹੀ ਇਨ੍ਹਾਂ ਦੀ ਬਹਾਲੀ ਦੀ ਮੰਗ ਕਰਨ। ਓਧਰ ਕਾਂਗਰਸ ਨੇ ਕੰਗਨਾ ਦੇ ਬਿਆਨ ’ਤੇ ਤਿੱਖਾ ਪ੍ਰਤੀਕ੍ਰਮ ਕੀਤਾ ਤੇ ਕਿਹਾ ਕਿ ਉਹ ਕਦੇ ਵੀ ਇਨ੍ਹਾਂ ਦੀ ਬਹਾਲੀ ਨਹੀਂ ਹੋਣ ਦੇਵੇਗੀ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਅਸੀਂ ਇਨ੍ਹਾਂ ਨੂੰ ਕਦੇ ਬਹਾਲ ਨਹੀਂ ਹੋਣ ਦਿਆਂਗੇ।