ਡਾ. ਚੀਮਾ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਬੌਬੀ ਮਾਨ ਦੇ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ।
ਪੰਚਾਇਤ ਚੋਣਾਂ ‘ਚ ਜਿਹੜੇ ਉਮੀਦਵਾਰਾਂ ਨੂੰ ਕਾਗਜ਼ ਭਰਨ ਤੋਂ ਰੋਕਿਆ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਨੇ 7 ਅਕਤੂਬਰ ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਚ ਬੁਲਾਇਆ ਹੈ ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ।
ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ‘ਆਪ’ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਵੱਖ-ਵੱਖ ਥਾਵਾਂ ’ਤੇ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਲੀਗਲ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਿਕਾਇਤਾਂ ਦੀ ਘੋਖ ਕਰ ਕੇ ਪੀੜਤਾਂ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੀਗਲ ਟੀਮ ਦੀ ਅਗਵਾਈ ਪਾਰਟੀ ਦੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਕਰਨਗੇ ਜਦੋਂ ਕਿ ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਹੋਰ ਵਕੀਲ ਵੀ ਸ਼ਾਮਲ ਕੀਤੇ ਗਏ ਹਨ। ਉਹਨਾ ਦੱਸਿਆ ਕਿ ਇਹ ਟੀਮ ਕੱਲ੍ਹ 7 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ 11 ਵਜੇ ਤੋਂ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ।