ਰਾਜ ਸਭਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਗੂੰਜਿਆ। ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਕੋਸ਼ਿਸ਼ਾਂ ਕਰ ਰਹੀ ਹੈ ਤੇ ਦੂਜੇ ਪਾਸੇ ਹੁਣ ਸਾਂਸਦ ਦੇ ਸਾਹਮਣੇ ਇਸ ਮੁੱਦੇ ਨੂੰ ਰੱਖਿਆ ਹੈ।
ਸਾਹਨੀ ਨੇ ਕਿਹਾ ਕਿ ਸਿੱਖ ਕੈਦੀਆਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿਚ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਘਿਨਾਉਣੇ ਜੁਰਮ ਕਰਨ ਵਾਲਿਆਂ ਨੂੰ ਵੀ ਸਮੇਂ-ਸਮੇਂ ‘ਤੇ ਪੈਰੋਲ ਦਿੱਤੀ ਜਾ ਰਹੀ ਹੈ। ਭਾਰਤ ਵੱਖ-ਵੱਖ ਸੂਬਿਆਂ ਨਾਲ ਬਣਿਆ ਦੇਸ਼ ਹੈ,ਅਜਿਹੇ ਵਿਚ ਸੂਬਿਆਂ ਵਿਚ ਵੱਖ-ਵੱਖ ਨੀਤੀ ਨਹੀਂ ਹੋ ਸਕਦੀ।
MP ਸਾਹਨੀ ਨੇ ਕਿਹਾ ਕਿ 11 ਅਕਤੂਬਰ 2019 ਨੂੰ ਕੇਂਦਰ ਸਰਕਾਰ ਨੇ ਕੁਝ ਕੈਦੀਆਂ ਨੂੰ ਰਿਹਾਅ ਕਰਨ ਦਾ ਸਰਕੂਲ ਕੱਢਿਆ ਗਿਆ। ਕੁਝ ਬੰਦੀ ਸਿੱਖ ਮਾਨਸਿਕ ਤੇ ਸਰੀਰਕ ਤੌਰ ‘ਤੇ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹਨ, ਜਿਨ੍ਹਾਂ ਵਿਚ ਗੁਰਦੀਪ ਸਿੰਘ ਖਹਿਰਾ, ਦਵਿੰਦਰ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਬਦਲ ਚੁੱਕੀ ਹੈ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਲੈਕੇ ਪੰਜਾਬ ਵਿਚ ਇਕ ਮੁਹਿੰਮ ਚੱਲ ਰਹੀ ਹੈ। ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਲਈ ਜ਼ਰੂਰੀ ਹੈ ਕਿ ਜਿਹੜੇ ਸਿੱਖ ਕੈਦੀਆਂ ਨੇ 30-32 ਸਾਲ ਜੇਲ੍ਹਾਂ ਵਿਚ ਗੁਜ਼ਾਰ ਲਏ ਹਨ, ‘ਤੇ ਵਿਚਾਰ ਕੀਤਾ ਜਾਵੇ।ਬੰਦੀ ਸਿੱਖਾਂ ਦੀ ਰਿਹਾਈ ਅਜਿਹੇ ਵਿਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਜ਼ਰੂਰੀ ਹੈ।
ਸਾਂਸਦ ਸਾਹਨੀ ਨੇ ਇਸ ਦੌਰਾਨ ਸਦਨ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ ਕਰਦੇ ਹੋਏ ਇਕ ਹਾਈ ਪਾਵਰ ਕਮੇਟੀ ਬਣਾਉਣ ਦੀ ਮੰਗ ਰੱਖੀ ਹੈ ਜਿਸ ਵਿਚ ਉਨ੍ਹਾਂ ਨੇ ਇਨ੍ਹਾਂ ਕੇਸਾਂ ‘ਤੇ ਰਿਵਿਊ ਕਰਨ ਤੇ ਉਸਦੇ ਰਿਹਾਅ ਕਰਨ ‘ਤੇ ਵਿਚਾਰ ਕੀਤਾ ਜਾ ਸਕੇ।