ਦੇਸ਼ ਵਿੱਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਸਮੀਖਿਆ ਬੈਠਕ ‘ਚ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ, ‘ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ।
ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ। ਉਨ੍ਹਾਂ ਕੇਂਦਰ ਵੱਲੋਂ ਰਾਜਾਂ ਨੂੰ ਪੂਰੀ ਮਦਦ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਅਸਾਮ, ਅਰੁਣਾਚਲ, ਦਿੱਲੀ, ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ, ਗੋਆ, ਪੁਡੂਚੇਰੀ, ਤੇਲੰਗਾਨਾ, ਕਰਨਾਟਕ, ਮਨੀਪੁਰ, ਕੇਰਲਾ ਸਮੇਤ ਹੋਰ ਰਾਜਾਂ ਦੇ ਸਿਹਤ ਮੰਤਰੀਆਂ ਨੇ ਸ਼ਮੂਲੀਅਤ ਕੀਤੀ।
ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ‘ਹੁਣ ਇੱਕ-ਦੂਜੇ ਨਾਲ ਮਿਲ ਕੇ ਕੰਮ ਕਰਦੇ ਹੋਏ ‘ਸੰਪੂਰਨ ਸਰਕਾਰ’ ਵਿਜ਼ਨ ਨਾਲ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸਾਨੂੰ ਅਲਰਟ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਹਸਪਤਾਲ ਦੀਆੰ ਤਿਆਰੀਆਂ ਦੀ ਮੌਕ ਡਰਿੱਲ, ਨਿਗਰਾਨੀ ਵਧਾਉਣ ਤੇ ਲੋਕਾਂ ਦੇ ਨਾਲ ਪ੍ਰਭਾਵੀ ਸੰਚਾਰ ਨਾਲ ਤਿਆਰ ਰਹਿਣਾ ਜ਼ਰੂਰੀ ਹੈ।” ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਵੀ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਦੀਆਂ ਦੇ ਮੌਸਮ ਦੌਰਾਨ ਠੰਡ ਦੇ ਹਲਾਤਾਂ ਤੇ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਰੋਕਥਾਮ ਦੇ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਕੇਰਲ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 292 ਨਵੇਂ ਸਰਗਰਮ ਮਾਮਲੇ ਸਾਹਮਣੇ ਆਏ ਅਤੇ 3 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਬੁੱਧਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ ‘ਚ ਕੋਵਿਡ-19 ਦੇ ਕੁੱਲ 341 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 292 ਮਾਮਲੇ ਕੇਰਲ ਦੇ ਹਨ। ਮੰਤਰਾਲੇ ਮੁਤਾਬਕ ਰਾਜ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,041 ਹੋ ਗਈ ਹੈ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ ਰਾਜ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 72,056 ਹੋ ਗਈ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਬਾਵਜੂਦ ਚਿੰਤਾ ਦਾ ਕੋਈ ਕਾਰਨ ਨਹੀਂ ਹੈ ਕਿਉਂਕਿ ਸੂਬਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।