ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ।
ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ।
ਭਗਵੰਤ ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।