ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੇਵੇਂਦਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਉਹ ‘ਆਪ’ ਨਾਲ ਸੀਟਾਂ ਦੀ ਵੰਡ ਬਾਰੇ ਫਿਲਹਾਲ ਕੁੱਝ ਨਹੀਂ ਕਹਿਣਗੇ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਦੇ ਸਾਹਮਣੇ ਦੋ ਮੁੱਖ ਮੁੱਦੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਦਰਮਿਆਨ ਪੈਦਾ ਹੋਏ ਤਣਾਅ ਨੂੰ ਹੱਲ ਕਰਨਾ ਹੈ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਦੇਵੇਂਦਰ ਯਾਦਵ ਦੁਰਗਿਆਣਾ ਮੰਦਰ ਅਤੇ ਰਾਮ-ਤੀਰਥ ਵਿਖੇ ਮੱਥਾ ਟੇਕਣ ਪਹੁੰਚੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦਾ ਅੰਮ੍ਰਿਤਸਰ ‘ਚ ਸਵਾਗਤ ਕਰਨ ਲਈ ਅੰਮ੍ਰਿਤਸਰ ਪਹੁੰਚੇ।
ਦੇਵੇਂਦਰ ਯਾਦਵ 11 ਜਨਵਰੀ ਤਕ ਪੰਜਾਬ ਵਿਚ ਹਨ ਅਤੇ ਅਗਲੇ ਤਿੰਨ ਦਿਨਾਂ ਤਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿਚ ਮੀਟਿੰਗਾਂ ਕਰਨਗੇ। ਉਨ੍ਹਾਂ ਨੇ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਮੀਟਿੰਗਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਦਿੱਲੀ ਵਿਚ ਇੰਡੀਆ ਗਠਜੋੜ ਦੀ ਮੀਟਿੰਗ
ਉਧਰ ਅੱਜ ਇੰਡੀਆ ਗਠਜੋੜ ਦੀ ਦਿੱਲੀ ਵਿਚ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿਚ ਦਿੱਲੀ ਅਤੇ ਪੰਜਾਬ ਵਿਚ ਕਾਂਗਰਸ ਦੀ ‘ਆਪ’ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਜਾ ਰਹੀ ਹੈ। ਇਸ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ ਜਾ ਸਕਦੇ ਹਨ।