ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਪਰਤਣਗੇ। ਉਧਰ, ਅੱਜ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਦਾ ਪੁਤਲਾ ਫੂਕਣਗੇ। ਇਸ ਦੇ ਨਾਲ ਹੀ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਸੰਕੇਤ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕੋਆਰਡੀਨੇਟਰ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਸਰਕਾਰ ਬਾਰਡਰ ਤੇ ਇੰਟਰਨੈੱਟ ਖੋਲ੍ਹ ਰਹੀ ਹੈ। ਇਸ ਮਾਹੌਲ ਵਿੱਚ ਸਹੀ ਗੱਲਬਾਤ ਹੋ ਸਕਦੀ ਹੈ।
ਦੱਸ ਦਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਤੋਂ ਪਾਬੰਦੀ ਹਟਾ ਲਈ ਗਈ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ ਵਿੱਚ 11 ਫਰਵਰੀ ਤੋਂ ਇੰਟਰਨੈੱਟ ਸੀ। ਦੂਜੇ ਪਾਸੇ ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਵਿੱਚ ਦਾਖਲ ਹੋ ਕੇ ਕਿਸਾਨਾਂ ਨੂੰ ਚੁੱਕਣ, ਕੁੱਟਮਾਰ ਕਰਨ ਤੇ ਟਰੈਕਟਰ ਤੋੜਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਉਧਰ ਹਰਿਆਣਾ ਦੇ ਕਿਸਾਨ ਵੀ ਸਰਗਰਮ ਹੋ ਗਏ ਹਨ। ਹਰਿਆਣਾ ਵਿੱਚ 72 ਪਿੰਡਾਂ ਦੇ 36 ਖਾਪ ਆਗੂਆਂ ਤੇ ਪਿੰਡ ਵਾਸੀਆਂ ਨੇ ਮਹਾਪੰਚਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਮਦਦ ਤੋਂ ਬਿਨਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਮਜ਼ਬੂਤ ਨਹੀਂ ਹੋਵੇਗਾ। ਪਹਿਲਾਂ ਵਾਂਗ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਸਾਂਝਾ ਕਿਸਾਨ ਮੋਰਚਾ ਦੀ ਅਗਵਾਈ ਹੇਠ ਅੰਦੋਲਨ ਕਰਨਾ ਚਾਹੀਦਾ ਹੈ।