‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸਿੱਖ ਸੰਗਤਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੱਡੀ ਗਿਣਤੀ ਵਿੱਚ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤ ਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸੇ ਤਰ੍ਹਾਂ ਇੱਕ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਵਿਖੇ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ, ਸਾਥੀਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜ ਤਖਤਾਂ ’ਤੇ ਅਰਦਾਸ ਸਮਾਗਮ ਕੀਤੇ ਜਾ ਰਹੇ ਹਨ ਜਿਸ ਦੀ ਸ਼ੁਰੂਆਤ ਸ੍ਰੀ ਅਕਾਲ ਤਖਤ ਤੋਂ ਕੀਤੀ ਗਈ ਸੀ ਤੇ ਦੂਜਾ ਅਰਦਾਸ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 19 ਨਵੰਬਰ ਨੂੰ ਹੋਵੇਗਾ ਜਿਸ ਵਿਚ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਸਿੱਖ ਸੰਗਤਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿਤਾ ਕਿ ਉਹ ਵੱਡੀ ਗਿਣਤੀ ਵਿੱਚ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖਾਲਸਾ ਵਹੀਰ ਅਤੇ ਅੰਮ੍ਰਿਤ ਸੰਚਾਰ ਸ਼ੁਰੂ ਕੀਤਾ ਸੀ ਜਿਸ ਦੇ ਚੰਗੇ ਸਿੱਟੇ ਸਾਹਮਣੇ ਆਏ ਸਨ ਪਰ ਸਰਕਾਰਾਂ ਨੂੰ ਇਹ ਬਰਦਾਸ਼ਤ ਨਹੀਂ ਹੋਇਆ।
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ’ਤੇ ਲਾਏ ਦੇਸ਼ ਧਰੋਹ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਦੇਸ਼ ਵਿਰੋਧੀ ਕੋਈ ਕੰਮ ਨਹੀਂ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪਤਨੀ ਤੇ ਪਿਤਾ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਪ੍ਰੋਗਰਾਮ ਹਨ ਪਰ ਪਰਿਵਾਰ ਗੁਰੂ ਦੇ ਭਾਣੇ ਵਿੱਚ ਰਹਿਣ ਨੂੰ ਤਰਜੀਹ ਦੇ ਰਿਹਾ ਹੈ