ਪਿਛਲੇ ਦੋ ਮਹੀਨਿਆਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 30,000 ਦਾ ਅੰਕੜਾ ਪਾਰ ਕਰ ਗਈਆਂ ਹਨ, ਜਦੋਂ ਕਿ ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੀਆਂ 2,544 ਤਾਜ਼ਾ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,544 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ 15 ਸਤੰਬਰ ਤੋਂ ਹੁਣ ਤੱਕ ਅਜਿਹੀਆਂ ਘਟਨਾਵਾਂ ਦੀ ਗਿਣਤੀ 30,661 ਹੋ ਗਈ ਹੈ। ਦਿੱਲੀ ਵਿੱਚ 24 ਘੰਟੇ ਦੀ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਸ਼ਾਮ 4 ਵਜੇ 401 ਦਰਜ ਕੀਤਾ ਗਿਆ।
ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਕੋਈ ਵੀ ਪਰਾਲੀ ਸਾੜਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਕਦਮ ਦਾ ਮਕਸਦ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਮੁਕੰਮਲ ਪਾਬੰਦੀ ਲਗਾਉਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ।