ਢੀਂਡਸਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਕੋਈ ਵੀ ਟਿੱਪਣੀ ਕਰਨੀ ਜਲਦਬਾਜ਼ੀ ਹੋਵੇਗੀ
ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਆਏ ਹਾਂ ਕਿ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰ ਸਕੀਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲੋਂ ਜਿਸ ਕਾਰਨ ਵਿਛੋੜਾ ਪਾਇਆ ਸੀ, ਉਨ੍ਹਾਂ ਸ਼ਰਤਾਂ ਨੂੰ ਲਾਗੂ ਕਰਵਾਉਣ ਦੀ ਸ਼ਰਤ ’ਤੇ ਹੀ ਪਾਰਟੀ ਵਿਚ ਵਾਪਸੀ ਕੀਤੀ ਹੈ। 2022 ਵਿਚ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਹਾਰ ਜਾਣਨ ਲਈ ਇਕਬਾਲ ਸਿੰਘ ਝੁੂੰਦਾਂ ਕਮੇਟੀ ਬਣਾਈ ਸੀ ਜਿਸ ਨੇ ਮੁਕੰਮਲ ਰਿਪੋਰਟ ਤਿਆਰ ਕਰ ਕੇ ਦਿੱਤੀ ਸੀ ਜਿਸ ਵਿਚ ਪਾਰਟੀ ਪ੍ਰਧਾਨ ਬਦਲਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਜ਼ਾਦ ਫੈਸਲੇ ਲੈਣ ਦੇ ਅਧਿਕਾਰ ਲਈ ਯੋਗ ਵਿਅਕਤੀ ਨੂੰ ਜਥੇਦਾਰ ਨਿਯੁਕਤ ਕਰਨ ਦੀ ਗੱਲ ਕਹੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸਿਆਸੀ ਦਖਲ-ਅੰਦਾਜ਼ੀ ਬੰਦ ਕਰਨ ਦੀ ਗੱਲ ਵੀ ਕਹੀ ਗਈ ਸੀ। ਉਨ੍ਹਾਂ ਕਿਹਾ ਕਿ ਮੇਰਾ ਸਮਝੌਤਾ ਹੋਇਆ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਝੁੂੰਦਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਕੋਰ ਕਮੇਟੀ ਵਿਚ ਫ਼ੈਸਲਾ ਲਿਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਬਦਲਣ ਦੀ ਸੰਭਵਨਾ ਬਣ ਸਕਦੀ ਹੈ।
ਢੀਂਡਸਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਕੋਈ ਵੀ ਟਿੱਪਣੀ ਕਰਨੀ ਜਲਦਬਾਜ਼ੀ ਹੋਵੇਗੀ, ਇਸ ਸਬੰਧੀ ਅੰਤਮ ਫ਼ੈਸਲਾ ਕੋਰ ਕਮੇਟੀ ਹੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਇਸ ਪ੍ਰਤੀ ਰਵੱਈਆ ਹਾਂ-ਪੱਖੀ ਹੈ, ਮੀਟਿੰਗ ਵਿਚ ਸੀਟਾਂ ਦੀ ਵੰਡ ਸਬੰਧੀ ਅੰਤਿਮ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬਹਿਣੀਵਾਲ ਆਦਿ ਮੌਜੂਦ ਸਨ।