ਜਾਣਕਾਰੀ ਮੁਤਾਬਕ ਹਮਲਾ ਕਰਨ ਲਈ ਕੁੱਲ 3 ਲੋਕ, ਇੱਕ ਈ-ਰਿਕਸ਼ਾ ਤੇ ਇੱਕ ਬਾਈਕ ‘ਤੇ ਸਵਾਰ ਸਨ।
ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆ ਮਨਰੰਜਨ ਕਾਲੀਆ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਿਰਫ਼ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਇਸ ਹਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਦੇ ਨਾਲ ਇੱਕ ਹੋਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹਮਲੇ ਵਿੱਚ ਵਰਤਿਆ ਗਿਆ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਹਮਲੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਸੀ ਜਿਸ ਵਿੱਚ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕ ਦਾ ਗਠਜੋੜ ਸਾਹਮਣੇ ਆਇਆ ਹੈ।
ਸਪੈਸ਼ਲ ਪੁਲਿਸ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਪਾਕਿਸਤਾਨੀ ਏਜੰਸੀ ਆਈਐਸਆਈ ਵੱਲੋਂ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜਿਸਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜਾਦ ਭੱਟੀ ਦੀ ਸ਼ਹਿ ਹਾਸਿਲ ਹੈ।
ਜੀਸ਼ਾਨ ਅਖ਼ਤਰ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ ਅਤੇ ਉਹ ਪਹਿਲਾਂ ਹੀ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦਾ ਹੈ। ਉਸ ਦੀਆਂ ਹਰਕਤਾਂ ‘ਤੇ ਪਹਿਲਾਂ ਹੀ ਨਜ਼ਰ ਰੱਖੀ ਜਾ ਰਹੀ ਸੀ। ਨਾਲ ਹੀ ਇਸ ਹਮਲੇ ਲਈ ਖਾਲਿਸਤਾਨੀ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਦੀ ਵੀ ਮਦਦ ਲਈ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਸਰਹੱਦ ਪਾਰ ਤੋਂ ਯੋਜਨਾਬੱਧ ਹਮਲਾ ਸੀ ਜਿਸਦਾ ਉਦੇਸ਼ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਵਿਗਾੜਣਾ ਸੀ।
ਇਹ ਸਾਰੀ ਘਟਨਾ ਕਾਲੀਆ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਵਿੱਚ ਸਾਬਕਾ ਮੰਤਰੀ ਦੇ ਘਰ ਦੇ ਬਾਹਰੋਂ ਇੱਕ ਈ-ਰਿਕਸ਼ਾ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਧਮਾਕੇ ਕਾਰਨ ਸਾਬਕਾ ਮੰਤਰੀ ਦੇ ਵਿਹੜੇ ਵਿੱਚ ਖੜੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜ਼ਮੀਨ ਵਿੱਚ ਇੱਕ ਟੋਆ ਵੀ ਬਣ ਗਿਆ। ਹਾਲਾਂਕਿ, ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ।
ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ ਹੈ। ਈ-ਰਿਕਸ਼ਾ ਵਿੱਚ ਆਏ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਵਿੱਚ ਗ੍ਰਨੇਡ ਸੁੱਟਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਹਮਲੇ ਦੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੇ ਨਾਲ ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਉਸ ਵੇਲ੍ਹੇ ਮੌਜੂਦ ਸਨ।
ਸੂਤਰਾਂ ਅਨੁਸਾਰ, ਪੁਲਿਸ ਹਮਲੇ ਵਿੱਚ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲੇ ਨੂੰ ਅੰਜਾਮ ਦੇਣ ਲਈ ਨਿਰਦੇਸ਼ ਅਤੇ ਸਹਾਇਤਾ ਭਾਰਤ-ਪਾਕਿਸਤਾਨ ਸਰਹੱਦ ਪਾਰ ਤੋਂ ਪ੍ਰਾਪਤ ਹੋਈ ਸੀ।
ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਾਨੂੰ ਸਵੇਰੇ 1 ਵਜੇ ਦੇ ਕਰੀਬ ਇੱਥੇ ਧਮਾਕੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਗੜਗੜਾਹਟ ਦੀ ਆਵਾਜ਼ ਸੁਣੀ।