Sunday, November 1, 2026
Google search engine
HomeDesh20 November ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ,...

20 November ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ, ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਲਿਆ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੂੰ ਲੈ ਕੇ 20 ਨਵੰਬਰ ਨੂੰ ਜਨਰਲ ਇਜਲਾਸ ਸੱਦਣ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੂੰ ਲੈ ਕੇ 20 ਨਵੰਬਰ ਨੂੰ ਜਨਰਲ ਇਜਲਾਸ ਸੱਦਣ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ।
ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ ਇਹ ਜਨਰਲ ਇਜਲਾਸ ਐੱਸਜੀਪੀਸੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 20 ਨਵੰਬਰ ਨੂੰ ਬਾਅਦ ਦੁਪਹਿਰ 12 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ਸਾਲਾਨਾ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਲੋਕਤੰਤਰੀ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ।

ਸਿੱਖ ਅਜਾਇਬ ਘਰ ‘ਚ ਲੱਗੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ

ਅੰਤ੍ਰਿੰਗ ਕਮੇਟੀ ਦੀ ਇਸ ਮੀਟਿੰਗ ਵਿੱਚ ਕਈ ਹੋਰ ਇਤਿਹਾਸਕ ਅਤੇ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲਗਾਈ ਗਈ। ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਵਿਰੁੱਧ ਜ਼ਮੀਨੀ ਪੱਧਰ ‘ਤੇ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕਮੇਟੀ ਨੇ ਉਨ੍ਹਾਂ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਵਧ ਰਿਹਾ ਗ਼ੈਰ-ਕਾਨੂੰਨੀ ਕਾਰੋਬਾਰ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੰਤ੍ਰਿੰਗ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਥਾਂ ਸਰਕਾਰ ਨੂੰ ਨਸ਼ਾ ਤਸਕਰਾਂ ਅਤੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ।

ਮਾਨਸਾ ‘ਚ ਨੌਜਵਾਨਾਂ ‘ਤੇ ਦਰਜ ਕੇਸ ਰੱਦ ਕਰਨ ਅਤੇ ਰਿਹਾਈ ਦੀ ਮੰਗ

ਮੀਟਿੰਗ ਦੌਰਾਨ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਕਰੀਬ 40 ਨੌਜਵਾਨਾਂ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੀਆਂ ਗਈਆਂ ਐੱਫ.ਆਈ.ਆਰਜ਼ ਅਤੇ ਗ੍ਰਿਫ਼ਤਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਪਾਸ ਕੀਤੇ ਗਏ ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ ਅਤੇ ਬੀਬੀਆਂ ਨਾਲ ਵੀ ਬਦਸਲੂਕੀ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਨੌਜਵਾਨਾਂ ਖ਼ਿਲਾਫ਼ ਦਰਜ ਝੂਠੇ ਕੇਸ ਤੁਰੰਤ ਰੱਦ ਕੀਤੇ ਜਾਣ, ਹਿਰਾਸਤ ਵਿੱਚ ਲਏ ਨੌਜਵਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨਸ਼ਾ ਤਸਕਰੀ ਦੇ ਅਸਲ ਦੋਸ਼ੀਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ।

ਮ੍ਰਿਤਕ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਮਦਦ

ਅੰਤ੍ਰਿੰਗ ਕਮੇਟੀ ਨੇ ਪਰਵਿੰਦਰ ਸਿੰਘ ਦੇ ਕਤਲ ਵਿਰੁੱਧ ਲਗਾਏ ਗਏ ਰੋਸ ਧਰਨੇ ਵਿੱਚ ਸ਼ਾਮਲ ਹੋਣ ਪਹੁੰਚੇ ਭਾਈ ਮਨਪ੍ਰੀਤ ਸਿੰਘ ਦੀ ਕਰੰਟ ਲੱਗਣ ਕਾਰਨ ਹੋਈ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਜ਼ਿਕਰਯੋਗ ਹੈ ਕਿ ਪੋਸਟਰ ਉਤਾਰਦੇ ਸਮੇਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ ਸੀ। ਕਮੇਟੀ ਨੇ ਪੀੜਤ ਪਰਿਵਾਰ ਦੀ ਸਹਾਇਤਾ ਲਈ ਢਾਈ ਲੱਖ ਰੁਪਏ ਦੀ ਵਿੱਤੀ ਇਮਦਾਦ ਦੇਣ ਦਾ ਫ਼ੈਸਲਾ ਕੀਤਾ ਹੈ।
ਇਸ ਤੋਂ ਇਲਾਵਾ, ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਬੈਰਕਾਂ ਛੱਡ ਕੇ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਨਾਲ ਹੀ ਸ਼੍ਰੋਮਣੀ ਕਮੇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਤਿੰਨ ਫ਼ੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦਾ ਐਲਾਨ ਵੀ ਕੀਤਾ ਗਿਆ।
ਮੀਟਿੰਗ ਦੇ ਆਰੰਭ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਮੈਂਬਰਾਂ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਅਹਿਮ ਬੈਠਕ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments