Saturday, September 5, 2026
Google search engine
HomeDeshPolitical News: ਕੇਂਦਰ ਤੋਂ ਮੰਗਾਂਗੇ ਪੰਜਾਬ ਲਈ ਨਵੇਂ ਖੇਤੀ ਪ੍ਰਾਜੈਕਟ, ਖੇਤੀ ਨੂੰ...

Political News: ਕੇਂਦਰ ਤੋਂ ਮੰਗਾਂਗੇ ਪੰਜਾਬ ਲਈ ਨਵੇਂ ਖੇਤੀ ਪ੍ਰਾਜੈਕਟ, ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ’ਤੇ ਹੈ ਜ਼ੋਰ

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਕੇਂਦਰੀ ਖੇਤੀ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਜ਼ਮੀਨੀ ਪਾਣੀ ਦੇ ਘੱਟਦੇ ਜਾ ਰਹੇ ਪੱਧਰ ਦੇ ਮੱਦੇਨਜ਼ਰ ਖੇਤੀ ਵਿਭਿੰਨਤਾ ਤੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਵਾਸਤੇ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਦੇ ਮੁੱਦੇ ਚੁੱਕੇ ਜਾਣਗੇ। ਇਹ ਸ਼ਬਦ ਉਨ੍ਹਾਂ ਨੇ ਸ਼ੁੱਕਰਵਾਰ ਨੂੰ ‘ਪੰਜਾਬੀ ਜਾਗਰਣ’ ਦਫ਼ਤਰ ’ਚ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਰਵਾਇਤੀ ਚੱਕਰ ਤੋਂ ਹੱਟ ਕੇ ਹੋਰ ਫ਼ਸਲਾਂ ਨੂੰ ਉਤਸ਼ਾਹਤ ਕਰਨ ਲਈ ਐੱਮਐੱਸਪੀ ਦੇਣ, ਮੰਡੀਕਰਨ ਦੀ ਸਮੱਸਿਆ ਹੱਲ ਕਰਨ ਤੇ ਹੋਰ ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਇੱਥੋਂ ਦੀ ਆਰਥਿਕਤਾ ਖੇਤੀ ’ਤੇ ਨਿਰਭਰ ਕਰਦੀ ਹੈ, ਇਸ ਲਈ ਕੇਂਦਰ ਸਰਕਾਰ ਕੋਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕਰਨ ਦੀ ਅਪੀਲ ਕੀਤੀ ਜਾਵੇਗੀ। ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਉਤਸ਼ਾਹਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਨਵੀਂ ਖੇਤੀ ਨੀਤੀ ਲਿਆਂਦੀ ਜਾ ਰਹੀ ਹੈ। ਇਸ ਨੀਤੀ ਰਾਹੀਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੇ ਵੱਖ-ਵੱਖ ਫ਼ਸਲਾਂ ਦੀ ਬਿਜਾਈ ਬਾਰੇ ਜਾਗਰੂਕ ਕਰਨ ਦੇ ਨਾਲ ਹੀ ਫ਼ਸਲਾਂ ਦਾ ਸਹੀ ਭਾਅ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਕਿਸਾਨਾਂ ਵੱਲੋਂ ਕਣਕ ਤੇ ਝੋਨੇ ਤੋਂ ਇਲਾਵਾ ਹੋਰਨਾਂ ਫ਼ਸਲਾਂ ਦੇ ਮੰਡੀਕਰਨ ਦੀ ਸਮੱਸਿਆ ਆਉਣ ਬਾਰੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਨਿਰਧਾਰਤ ਮਾਤਰਾ ਨਾਲੋਂ ਵੱਧ ਖਾਦਾਂ ਤੇ ਨਦੀਨਨਾਸ਼ਕਾਂ-ਕੀਟਨਾਸ਼ਕਾਂ ਦੀ ਵਰਤੋਂ ਕਰਦੇ ਹਨ। ਇਸ ਨਾਲ ਫ਼ਸਲਾਂ ਦੀ ਗੁਣਵੱਤਾ ਵਧੀਆ ਨਹੀਂ ਹੁੰਦੀ, ਜਿਸ ਕਾਰਨ ਫ਼ਸਲ ਦੀ ਵਿਕਰੀ ਨਾ ਹੋਣ ਕਾਰਨ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਮੁਤਾਬਕ ਫ਼ਸਲਾਂ ਦੇ ਬੀਜ, ਖਾਦਾਂ ਤੇ ਕੀਟਨਾਸ਼ਕਾਂ ਤੇ ਨਦੀਨਨਾਸ਼ਕਾਂ ਦੀ ਵਰਤੋਂ ਕਰਨ ਤਾਂ ਕਿ ਨਰੋਈ ਫ਼ਸਲ ਦੀ ਪੈਦਾਵਾਰ ਹੋ ਸਕੇ। ਲੋਕ ਸਭਾ ਚੋਣਾਂ ’ਚ 13-0 ਦਾ ਦਾਅਵਾ ਪੂਰਾ ਨਾ ਹੋਣ ਬਾਰੇ ਪੁੱਛਣ ’ਤੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਨੇ ਹੀ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਇਹ ਵੋਟਰਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅਸੀਂ ਤਿੰਨ ਸੀਟਾਂ ਹੀ ਜਿੱਤੀਆਂ ਹਨ ਪਰ ਕਈ ਸੀਟਾਂ ’ਤੇ ਸਾਡੀ ਹਾਰ ਬਹੁਤ ਹੀ ਘੱਟ ਫ਼ਰਕ ਨਾਲ ਹੋਈ ਹੈ। ਇਸ ਦਾ ਭਾਵ ਹੈ ਕਿ ਅਸੀਂ ਵਿਰੋਧੀ ਉਮੀਦਵਾਰਾਂ ਨਾਲ ਪੂਰਾ ਮੁਕਾਬਲਾ ਕੀਤਾ ਸੀ।

ਢਾਈ ਸਾਲਾਂ ’ਚ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲੇ ਘਟੇ

ਖੇਤੀ ਮੰਤਰੀ ਖੁੱਡੀਆ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਪਿਛਲੇ ਢਾਈ ਸਾਲਾਂ ਦੌਰਾਨ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਕਾਫ਼ੀ ਘਟੇ ਹਨ। ਹਾਲਾਂਕਿ ਕਾਂਗਰਸ ਤੇ ਅਕਾਲੀ ਸਰਕਾਰ ਵੇਲੇ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਖ਼ੁਦਕੁਸ਼ੀਆਂ ਹੁੰਦੀਆਂ ਰਹੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨਾਲ ਜੋੜਨ ਲਈ ਲਗਾਤਾਰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਇਸ ਦੀ ਬਾਕਾਇਦਾ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਆਮਦਨ ’ਚ ਵਾਧਾ ਹੋ ਸਕੇ ਤੇ ਉਹ ਖ਼ੁਸ਼ਹਾਲ ਜੀਵਨ ਬਿਤਾ ਸਕਣ।

ਪ੍ਰਕਾਸ਼ ਸਿੰਘ ਬਾਦਲ ਕੇਂਦਰ ’ਚ ਆਪਣੇ ਪ੍ਰਭਾਵ ਨੂੰ ਪੰਜਾਬ ਦੇ ਹਿੱਤਾਂ ਲਈ ਨਹੀਂ ਵਰਤ ਸਕੇ

ਲੰਬੀ ਹਲਕੇ ਤੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਜਦੋਂ ਅਕਾਲੀ ਦਲ ਦੇ ਦੋਫਾੜ ਹੋਣ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਲਈ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਮੋਹ ਤੇ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਲੀਡਰਸ਼ਿਪ ਨੂੰ ਆਪਣੇ ਨਾਲ ਜੋੜ ਕੇ ਰੱਖਣ ’ਚ ਅਸਫਲਤਾ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਕੇਂਦਰ ’ਚ ਹਮੇਸ਼ਾ ਚੰਗੀ ਪੈਠ ਰਹੀ ਸੀ ਤੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਨਰਿੰਦਰ ਮੋਦੀ ਉਨ੍ਹਾਂ ਦਾ ਸਤਿਕਾਰ ਕਰਦੇ ਸਨ। ਇਸ ਦੇ ਬਾਵਜੂਦ ਵੱਡੇ ਬਾਦਲ ਆਪਣੇ ਪ੍ਰਭਾਵ ਨੂੰ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਨਹੀਂ ਵਰਤ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments