Shiromani Akali Dal ਦੇ ਪ੍ਰਧਾਨ Sukhbir Badal ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Shiromani Akali Dal ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ।
ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਅਗਵਾਈ ‘ਚ ਵਿਸ਼ਵਾਸ ਕੀਤਾ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦਿੱਤਾ। ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਪ੍ਰ ਡਾ.ਦਲਜੀਤ ਸਿੰਘ ਚੀਮਾ ਨੂੰ ਕਮਾਨ ਸੌਂਪੀ ਜਾ ਸਕਦੀ ਹੈ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਕਾਫੀ ਲੰਬੀ ਹੈ।
ਵਰਨਣਯੋਗ ਹੈ ਕਿ 2007 ਤੋਂ 2017 ਤਕ ਅਕਾਲੀ ਦਲ ਤੇ ਭਾਜਪਾ ਦੀ ਗਠਜੋੜ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਤੇ ਡੇਰਾ ਸੱਚਾ ਸੌਦਾ ਮੁਖੀ ਨੂੰ ਮਾਫੀ ਦੇਣ ਸੰਬੰਧੀ ਉਨ੍ਹਾਂ ਦੀ ਭੂਮਿਕਾ ਤੇ ਸੁਮੇਧ ਸੈਣੀ ਨੂੰ ਡੀਜੀਪੀ ਲਾਉਣ ਨੂੰ ਲੈ ਕੇ ਪੰਥਕ ਵੋਟ ਬੈਂਕ ‘ਚ ਕਾਫੀ ਰੋਸ ਪਾਇਆ ਜਾ ਰਿਹਾ ਸੀ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਇਸ ਰੋਸ ਨੂੰ ਸਿਖਰ ‘ਤੇ ਪਹੁੰਚਾ ਦਿੱਤਾ ਤੇ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਲਾਤ ਅਜਿਹੇ ਬਣ ਗਏ ਕਿ ਪਾਰਟੀ 59 ਸੀਟਾਂ ਤੋਂ ਸਿਰਫ਼ 15 ਸੀਟਾਂ ‘ਤੇ ਹੀ ਸਿਮਟ ਗਈ। 2022 ‘ਚ ਸਥਿਤੀ ਹੋਰ ਵੀ ਬਦਤਰ ਹੋ ਗਈ।
ਇਸ ਦੌਰਾਨ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕਰ ਕੇ ਇਸ ਹਾਰ ਦੇ ਕਾਰਨਾਂ ਤੇ ਪਾਰਟੀ ਦੀ ਮੁੜ ਸਥਾਪਨਾ ਸਬੰਧੀ ਰਿਪੋਰਟ ਦੇਣ ਲਈ ਵੀ ਕਿਹਾ ਗਿਆ।
ਝੂੰਦਾ ਕਮੇਟੀ ਨੇ ਆਪਣੀ ਰਿਪੋਰਟ ਸੌਂਪੀ ਜਿਸ ਵਿਚ ਨਾ ਸਿਰਫ਼ ਹਾਰ ਦੇ ਕਾਰਨਾਂ ਦਾ ਜ਼ਿਕਰ ਕੀਤਾ ਗਿਆ ਬਲਕਿ ਸਾਰੇ ਆਗੂਆਂ ਨੂੰ ਆਪਣੇ ਅਹੁਦੇ ਛੱਡਣ ਦੀ ਸਿਫ਼ਾਰਸ਼ ਵੀ ਕੀਤੀ।
ਪਾਰਟੀ ਮੁਖੀ ਨੇ ਸਾਰੇ ਵਿੰਗ ਭੰਗ ਕਰ ਦਿੱਤੇ ਪਰ ਇਹ ਰਿਪੋਰਟ ਜਨਤਕ ਨਹੀਂ ਕੀਤੀ ਗਈ। ਕਮੇਟੀ ਦੀ ਰਿਪੋਰਟ ‘ਚ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ‘ਤੇ ਅਸਤੀਫਾ ਦੇਣ ਦਾ ਦਬਾਅ ਲਗਾਤਾਰ ਵਧ ਰਿਹਾ ਸੀ। ਇਸੇ ਦਬਾਅ ਕਾਰਨ ਪਾਰਟੀ ਦੋਫਾੜ ਹੋ ਗਈ।