ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਵੱਡੇ ਖੁਲਾਸੇ ਕੀਤੇ ਹਨ।
ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਇਸ ਅਸਤੀਫੇ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ SGPC ਪ੍ਰਧਾਨ ਵੱਲੋਂ ਦਿੱਤਾ ਗਿਆ ਅਸਤੀਫਾ ਮੰਦਭਾਗਾ ਹੈ। ਕਿਉਂਕਿ ਉਹਨਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਤੀ ਦਰਦ ਸੀ ਉਹ ਕਮੇਟੀ ਨੂੰ ਵਧੀਆ ਚਲਾ ਰਹੇ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਉੱਪਰ ਜੋ ਦਬਾਅ ਸੀ ਉਹ ਉਹਨਾਂ ਦੇ ਚਿਹਰੇ ਤੇ ਦੇਖਿਆ ਜਾ ਸਕਦਾ ਸੀ ਪਰ ਉਹਨਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਸਗੋਂ ਅਸਤੀਫਾ ਨਾ ਦੇਕੇ ਦਬਾਅ ਤੇ ਝੱਲਣਾ ਚਾਹੀਦਾ ਸੀ।
7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 7 ਮੈਂਬਰੀ ਦੀ ਸੇਵਾ ਉਹਨਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਹੈ। ਇਸ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਬਣੀ 7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਹਨਾਂ ਨੂੰ ਦਿੱਤੀ ਗਈ ਸੇਵਾ ਨਿਭਾਉਣੀ ਚਾਹੀਦੀ ਹੈ।
ਗੌਹਰ ਤੇ ਕੋਈ ਟਿੱਪਣੀ ਨਹੀਂ
ਰਣਜੀਤ ਸਿੰਘ ਗੌਹਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਖੁਦ ਜੱਥੇਦਾਰ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।