ਬਾਜਵਾ ਨੇ ਕਿਹਾ ਕਿ ਉਹਨਾਂ ਨੇ ਤਾਂ ਸਿਰਫ਼ ਜਾਣਕਾਰੀ ਸਾਂਝੀ ਕੀਤੀ ਹੈ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀਧਿਰ ਦੇ ਲੀਡਰਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣਗੇ। ਹੁਣ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਹਨਾਂ ਨੇ ਹਾਈਕੋਰਟ ਤੋਂ FIR ਰੱਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦਾ ਇਲਜ਼ਾਮ ਹੈ ਕਿ ਰਾਜਨੀਤੀ ਕਾਰਨਾਂ ਕਰਕੇ ਉਹਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਮੀਦ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੂਜੇ ਪਾਸੇ, ਪੰਜਾਬ ਕਾਂਗਰਸ ਨੇ ਵੀ ਬਾਜਵਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਵੱਲੋਂ ਮੰਗਲਵਾਰ ਨੂੰ ਰੋਸ ਮੁਜ਼ਾਹਰਾ ਵੀ ਕੀਤਾ ਜਾ ਰਿਹਾ ਹੈ।
ਇਸ ਵਿੱਚ ਸਾਰੇ ਕਾਂਗਰਸੀ ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਮੁਖੀ ਹਿੱਸਾ ਲੈਣਗੇ। ਕਾਂਗਰਸ ਦਾ ਕਹਿਣਾ ਹੈ ਕਿ ਬਾਜਵਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ (Sources)ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਅਜਿਹੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਜੋ ਲੋਕਾਂ ਨੂੰ ਡਰਾਉਂਦੀ ਹੈ।
ਬਾਜਵਾ ਨੇ ਦਿੱਤਾ ਜਵਾਬ
ਬਾਜਵਾ ਨੇ ਕਿਹਾ ਕਿ ਉਹਨਾਂ ਨੇ ਤਾਂ ਸਿਰਫ਼ ਜਾਣਕਾਰੀ ਸਾਂਝੀ ਕੀਤੀ ਹੈ। ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਜਾਣਕਾਰੀ ਦੇਣ ਵਾਲੇ ਖਿਲਾਫ਼ ਹੀ ਕਾਰਵਾਈ ਕਰ ਰਹੀ ਹੈ। ਸਰਕਾਰ ਨੂੰ ਉਹਨਾਂ ਖਿਲਾਫ਼ ਕਾਰਵਾਈ ਚਾਹੀਦੀ ਸੀ ਜੋ ਧਮਾਕੇ ਕਰ ਰਹੇ ਹਨ। FIR ਦੀ ਕਾਪੀ ਵੀ ਮੈਂ ਕੋਰਟ ਵਿੱਚ ਜਾਕੇ ਹਾਸਿਲ ਕੀਤੀ ਹੈ। ਜਿਸ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਅੰਦਾਜ਼ਾ ਲਗਾ ਸਕਦੇ ਹੋ।
ਹੱਕ ਵਿੱਚ ਆਏ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਤਾਪ ਸਿੰਘ ਬਾਜਵਾ ਦੀ ਹਿਮਾਇਤ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪ੍ਰਤਾਪ ਸਿੰਘ ਬਾਜਵਾ ਨੂੰ ਡਰਾਉਣ ਅਤੇ ਧਮਕਾਉਣਾ ਚਾਹੁੰਦੀ ਹੈ।
ਅੱਜ ਹੋਵੇਗੀ ਪੇਸ਼ੀ
ਬਾਜਵਾ ਨੂੰ ਕ੍ਰਾਈਮ ਬਰਾਂਚ ਨੇ ਸੰਮਨ ਭੇਜਿਆ ਸੀ। ਜਿਸ ਤੋਂ ਬਾਅਦ ਬੀਤੇ ਕੱਲ੍ਹ ਬਾਜਵਾ ਪੇਸ਼ ਹੋਣ ਨਹੀਂ ਪਹੁੰਚੇ। ਬਾਜਵਾ ਨੇ ਪੇਸ਼ ਹੋਣ ਲਈ ਵਕੀਲਾਂ ਰਾਹੀਂ ਇੱਕ ਦਿਨ ਦਾ ਸਮਾਂ ਮੰਗਿਆ। ਜਿਸ ਤੋਂ ਬਾਅਦ ਉਹਨਾਂ ਦੇ ਮੰਗਲਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਹੈ।