ਗੜ੍ਹਸ਼ੰਕਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਵਾਪਰੀ। ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਸਵੇਰੇ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਤਾ ਲੱਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸਰੂਪ ਤੋਂ ਵੱਖ ਹੋ ਗਏ ਹਨ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿੱਚ ਪ੍ਰੋਗਰਾਮ ਰੱਖਿਆ ਗਿਆ ਸੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਜਦੋਂ ਸ਼ਾਮ ਨੂੰ ਵੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ। ਉਹਨਾਂ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਲਾਏ ਹੋਏ ਕੈਮਰੇ ਕੁੱਝ ਤਕਨੀਕੀ ਖਰਾਬੀ ਕਾਰਨ ਕੰਮ ਨਹੀਂ ਕਰ ਰਹੇ ਸਨ।
ਸੀਸੀਟੀਵੀ ਕੈਮਰੇ ਪਿਛਲੇ 2 ਦਿਨਾਂ ਤੋਂ ਬੰਦ ਸਨ, ਫਿਰ ਵੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿੱਖ ਸਮੂਹਾਂ ਨੇ ਇਸ ਸਬੰਧੀ ਆਪਣਾ ਵਿਰੋਧ ਦਰਜ ਕਰਵਾਇਆ ਹੈ ਅਤੇ ਪੁਲਿਸ ਤੋਂ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਡੀ ਐਸ ਪੀ ਗੜ੍ਹਸ਼ੰਕਰ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਹੁਣ ਤੱਕ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਇਹ ਘਟਨਾ ਨੂੰ ਕਿਸ ਸ਼ਖਸ ਅਤੇ ਕਿਨ੍ਹੇ ਸ਼ਰਾਰਤੀ ਅਨਸਰਾਂ ਨੇ ਅੰਜਾਮ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੀਸੀਟੀਵੀ ਕੈਮਰੇ 2 ਦਿਨਾਂ ਤੋਂ ਬੰਦ ਸਨ। ਪੁਲਿਸ ਹੁਣ ਸੀਸੀਟੀਵੀ ਬੰਦ ਕਰਨ ਤੋਂ ਪਹਿਲਾਂ ਅਤੇ ਬਾਅਦ ਦੇ ਕੁਝ ਬਾਹਰੀ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਲੇ-ਦੁਆਲੇ ਆਖਰੀ ਵਾਰ ਕਿਸ ਨੂੰ ਦੇਖਿਆ ਗਿਆ ਸੀ। ਫਿਲਹਾਲ ਗੜ੍ਹਸ਼ੰਕਰ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।