ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਵੱਲੋਂ NSA ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਅਜਨਾਲਾ ਅਦਾਲਤ ਨੇ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਸੁਣਵਾਈ ਦੌਰਾਨ ਖ਼ਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਪੇਸ਼ੀ ਵਿੱਚ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਮੇਂ ਉਹ ਅੰਮ੍ਰਿਤਪਾਲ ਸਿੰਘ ਤੋਂ ਕਿਸੇ ਕਿਸਮ ਦੀ ਪੁੱਛਗਿੱਛ ਨਹੀਂ ਕਰਨਾ ਚਾਹੁੰਦੇ। ਇਸ ਸਮੇਂ ਉਕਤ ਮਾਮਲੇ ਵਿੱਚ ਜਾਂਚ ਮੁਕੰਮਲ ਹੋ ਚੁੱਕੀ ਹੈ। ਲੋੜ ਪੈਣ ‘ਤੇ ਜੇਕਰ ਦੁਬਾਰਾ ਪੁਲਿਸ ਰਿਮਾਂਡ ਦੀ ਲੋੜ ਪਈ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ, ਜਦਕਿ ਥਾਣਾ ਅਜਨਾਲਾ ਦੀ ਪੁਲਿਸ ਨੇ ਇਸ ਸਬੰਧੀ 15 ਦਿਨਾਂ ਦਾ ਰਿਮਾਂਡ ਮੰਗਿਆ ਸੀ।
ਅੰਮ੍ਰਿਤਪਾਲ ਸਿੰਘ ‘ਤੇ ਪੁਲਿਸ ਵੱਲੋਂ ਐੱਨ.ਐੱਸ.ਏ. (NSA) ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਰਿਤੂਰਾਜ ਨੇ ਦੱਸਿਆ ਕਿ ਪੁਲਿਸ ਦੋ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਵੀ ਵਸਤੂ ਬਰਾਮਦ ਨਹੀਂ ਕਰ ਸਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਬਿਨਾਂ ਤੱਥਾਂ ਦੇ ਆਧਾਰ ‘ਤੇ ਰਿਮਾਂਡ ਹਾਸਲ ਕੀਤਾ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਫਰਵਰੀ 2023 ਵਿੱਚ ਥਾਣਾ ਅਜਨਾਲਾ ‘ਤੇ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਅਤੇ ਥਾਣੇ ਵਿੱਚ ਵੜ ਕੇ ਭੰਨਤੋੜ ਕੀਤੀ ਗਈ ਸੀ।





