ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ।
ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਖਬਰ ਲਿੱਖੇ ਜਾਣ ਤੱਕ ਉਹ ਪੁੱਛਗਿੱਛ ਨਹੀਂ ਪਹੁੰਚੇ ਸਨ। ਪੇਸ਼ੀ ਵਿੱਚ ਹੋ ਰਹੀ ਦੇਰ ਤੋਂ ਬਾਅਦ ਉਨ੍ਹਾਂ ਦੇ ਆਉਣ ਤੇ ਸਸਪੈਂਸ ਬਣਿਆ ਹੋਇਆ ਹੈ। ਬੀਤੇ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜਾ ਮੌਕਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾ ਚੁੱਕੇ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਤੇ ਵੱਡਾ ਹਮਲਾ ਬੋਲਿਆ ਹੈ। ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬੀਜੇਪੀ ਦੇ ਕਹਿਣ ਤੇ ਸੁਖਬੀਰ ਬਾਦਲ ਪੇਸ਼ੀ ਲਈ ਨਹੀਂ ਆਏ ਹਨ। ਇਸਤੋਂ ਇਲਾਵਾ ਦੂਜੇ ਆਪ ਆਗੂਆਂ ਨੇ ਵੀ ਉਨ੍ਹਾਂ ਦੇ ਨਾ ਆਉਣ ਤੇ ਤਿੱਖੇ ਹਮਲੇ ਬੋਲੇ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ, ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਦਾ ਪੇਸ਼ੀ ਤੇ ਨਾ ਆਉਣਾ ਉਨ੍ਹਾਂ ਦੀ ਮਾਮਲੇ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਖ਼ੂਨੀ ਕਾਂਡ ਦੌਰਾਨ ਦੋ ਪ੍ਰਦਰਸ਼ਨਕਾਰੀ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ ਸੀ। ਉਸ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਗੱਠਜੋੜ ਸਰਕਾਰ ਕਾਰਜਸ਼ੀਲ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ, ਜਦਕਿ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਗ੍ਰਹਿ ਵਿਭਾਗ ਦੇ ਮੁਖੀ ਵੀ ਸਨ।
ਕਈ ਕਮਿਸ਼ਨਾਂ ਅਤੇ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ ਪੜਤਾਲ
ਇਸ ਸੰਵੇਦਨਸ਼ੀਲ ਮਾਮਲੇ ਦੀ ਤਹਿ ਤੱਕ ਜਾਣ ਲਈ ਸਮੇਂ-ਸਮੇਂ ‘ਤੇ ਵੱਖ-ਵੱਖ ਜਾਂਚ ਕਮਿਸ਼ਨ ਅਤੇ ਕਈ ਵਿਸ਼ੇਸ਼ ਜਾਂਚ ਟੀਮਾਂ (ਐੱਸਆਈਟੀ) ਬਣਾਈਆਂ ਗਈਆਂ। ਇਹਨਾਂ ਵਿੱਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਸਭ ਤੋਂ ਪ੍ਰਮੁੱਖ ਰਹੀ ਹੈ। ਲੰਬੀ ਪੜਤਾਲ ਦੌਰਾਨ ਸੂਬੇ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਪੁਲਿਸ ਦੇ ਕਈ ਉੱਚ ਅਧਿਕਾਰੀ ਅਤੇ ਸਿਆਸੀ ਹਸਤੀਆਂ ਜਾਂਚ ਦੇ ਘੇਰੇ ਵਿੱਚ ਆ ਚੁੱਕੀਆਂ ਹਨ।
ਸਾਲ 2026 ਵਿੱਚ ਮੁੜ ਤੇਜ਼ ਹੋਈ ਪੜਤਾਲ ਦੀ ਰਫ਼ਤਾਰ
ਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਨਵੀਂ ਐੱਸਆਈਟੀ ਨੇ ਸਾਲ 2026 ਦੌਰਾਨ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ। ਇਸੇ ਲੜੀ ਤਹਿਤ ਬੀਤੇ ਜੂਨ ਮਹੀਨੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਆਈਟੀ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ। ਇਸ ਤੋਂ ਬਾਅਦ ਜੁਲਾਈ ਵਿੱਚ ਜਾਂਚ ਟੀਮ ਨੇ ਜ਼ਮੀਨੀ ਪੜਤਾਲ ਲਈ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਹਿਬਲ ਕਲਾਂ ਦੇ ਘਟਨਾ ਸਥਾਨਾਂ ਦਾ ਵਿਸ਼ੇਸ਼ ਦੌਰਾ ਕੀਤਾ ਸੀ।
ਇਸੇ ਜਾਂਚ ਦੇ ਹਿੱਸੇ ਵਜੋਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ 3 ਸਤੰਬਰ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ। ਹੁਣ 11 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਵਾਸਤੇ ਚੰਡੀਗੜ੍ਹ ਸੱਦਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਸਬੰਧ ਵਿੱਚ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਗਿਆ ਇਹ ਪੰਜਵਾਂ ਸੰਮਨ ਹੈ। ਦੂਜੇ ਪਾਸੇ, ਅਦਾਲਤ ਵਿੱਚ ਵੀ ਕੇਸ ਦੀ ਪ੍ਰਗਤੀ ਰਿਪੋਰਟ ‘ਤੇ ਨਿਰੰਤਰ ਸੁਣਵਾਈ ਚੱਲ ਰਹੀ ਹੈ ਅਤੇ ਜਾਂਚ ਟੀਮ ਵੱਲੋਂ ਜਲਦ ਹੀ ਇੱਕ ਸੰਭਾਵੀ ਪੂਰਕ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੇ ਜਾਣ ਦੇ ਆਸਾਰ ਹਨ।