Tuesday, October 27, 2026
Google search engine
HomeDeshRahul Gandhi ਦੇ ਕਾਫ਼ਲੇ ਦੀਆਂ ਗੱਡੀਆਂ ਦਾ ਹਾਦਸਾ, ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਆਪਸ...

Rahul Gandhi ਦੇ ਕਾਫ਼ਲੇ ਦੀਆਂ ਗੱਡੀਆਂ ਦਾ ਹਾਦਸਾ, ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਆਪਸ ਵਿੱਚ ਟਕਰਾਈਆਂ 5 ਗੱਡੀਆਂ ਅਤੇ ਐਂਬੂਲੈਂਸ, ਕਈ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ 5 ਗੱਡੀਆਂ ਅਤੇ ਇੱਕ ਐਂਬੂਲੈਂਸ ਆਪਸ ਵਿੱਚ ਟਕਰਾ ਗਈਆਂ।

ਉੱਤਰ ਪ੍ਰਦੇਸ਼ ਵਿੱਚ ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਮੁੱਢਲੀ ਜਾਣਕਾਰੀ ਮੁਤਾਬਕ, ਐਕਸਪ੍ਰੈੱਸਵੇਅ ‘ਤੇ 91ਵੇਂ ਕਿਲੋਮੀਟਰ ਦੇ ਮਾਈਲਸਟੋਨ ਨੇੜੇ ਕਾਫ਼ਲੇ ਦੀਆਂ ਪੰਜ ਗੱਡੀਆਂ ਅਤੇ ਇੱਕ ਐਂਬੂਲੈਂਸ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ਵਿੱਚ ਕਾਂਗਰਸ ਦੇ ਵਰਕਰਾਂ, ਅਹੁਦੇਦਾਰਾਂ ਅਤੇ ਸੁਰੱਖਿਆ ਨਾਲ ਜੁੜੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਰਾਹੁਲ ਗਾਂਧੀ ਸੁਰੱਖਿਅਤ ਦੱਸੇ ਜਾ ਰਹੇ ਹਨ।
ਰਾਹੁਲ ਗਾਂਧੀ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹਨ। ਉਹ ਸੁਲਤਾਨਪੁਰ ਜਾ ਰਹੇ ਸਨ, ਜਿੱਥੇ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ੀ ਹੈ। ਸੋਮਵਾਰ ਸਵੇਰੇ ਹੀ ਉਹ ਦਿੱਲੀ ਤੋਂ ਲਖਨਊ ਪਹੁੰਚੇ ਸਨ। ਲਖਨਊ ਤੋਂ ਸੁਲਤਾਨਪੁਰ ਜਾਂਦੇ ਸਮੇਂ ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਉਨ੍ਹਾਂ ਦੇ ਕਾਫ਼ਲੇ ਦੀਆਂ ਗੱਡੀਆਂ ਨਾਲ ਇਹ ਹਾਦਸਾ ਵਾਪਰਿਆ। ਟੱਕਰ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ, ਅਜੇ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

91 ਕਿਲੋਮੀਟਰ ਦੇ ਮਾਈਲਸਟੋਨ ਨੇੜੇ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ, ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ 91 ਕਿਲੋਮੀਟਰ ਦੇ ਮਾਈਲਸਟੋਨ ਨੇੜੇ ਰਾਹੁਲ ਗਾਂਧੀ ਦੇ ਕਾਫ਼ਲੇ ਵਿੱਚ ਸ਼ਾਮਲ ਪੰਜ ਗੱਡੀਆਂ ਅਤੇ ਇੱਕ ਐਂਬੂਲੈਂਸ ਆਪਸ ਵਿੱਚ ਟਕਰਾ ਗਈਆਂ। ਹਾਦਸਾ ਕਿਸ ਕਾਰਨ ਵਾਪਰਿਆ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸੁਲਤਾਨਪੁਰ ਕਿਉਂ ਜਾ ਰਹੇ ਹਨ ਰਾਹੁਲ ਗਾਂਧੀ?

ਰਾਹੁਲ ਗਾਂਧੀ ਸੋਮਵਾਰ ਨੂੰ ਸੁਲਤਾਨਪੁਰ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਕਰੀਬ ਅੱਠ ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਦੀ ਸੁਣਵਾਈ ਅਤੇ ਫ਼ੈਸਲੇ ਨਾਲ ਜੁੜਿਆ ਹੋਇਆ ਹੈ। ਇਹ ਮਾਮਲਾ 2018 ਵਿੱਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਤਤਕਾਲੀ ਕੌਮੀ ਪ੍ਰਧਾਨ ਅਮਿਤ ਸ਼ਾਹ ਬਾਰੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਇਸ ਬਿਆਨ ਨੂੰ ਲੈ ਕੇ ਸਥਾਨਕ ਭਾਜਪਾ ਆਗੂ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਸੁਲਤਾਨਪੁਰ ਦੀ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਦਰਅਸਲ, ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ, ਭਾਰਤ ਦੇ ਲੋਕ ਇਹ ਭੁੱਲ ਜਾਂਦੇ ਹਨ ਕਿ ਭਾਜਪਾ ਦੇ ਪ੍ਰਧਾਨ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਹਨ ਇਹ ਸੱਚਾਈ ਹੈ। ਉਨ੍ਹਾਂ ਦੀ ਇਹ ਟਿੱਪਣੀ ਸੋਹਰਾਬੂਦੀਨ ਸ਼ੇਖ ਦੇ ਕਥਿਤ ਫ਼ਰਜ਼ੀ ਮੁਕਾਬਲੇ ਦੇ ਮਾਮਲੇ ਨਾਲ ਸਬੰਧਤ ਸੀ। ਇਸ ਮਾਮਲੇ ਵਿੱਚ ਅਮਿਤ ਸ਼ਾਹ ਨੂੰ 2014 ਵਿੱਚ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਆਰੋਪੀਆਂ ਤੋਂ ਮੁਕਤ ਕਰ ਦਿੱਤਾ ਸੀ। ਇਸੇ ਬਿਆਨ ਨੂੰ ਆਧਾਰ ਬਣਾ ਕੇ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
ਇਸ ਮਾਮਲੇ ਵਿੱਚ ਸੁਲਤਾਨਪੁਰ ਦੀ ਵਿਸ਼ੇਸ਼ MP-MLA ਅਦਾਲਤ ਨੇ ਨਵੰਬਰ 2023 ਵਿੱਚ ਰਾਹੁਲ ਗਾਂਧੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਉਹ 20 ਫਰਵਰੀ 2024 ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਜੁਲਾਈ 2024 ਅਤੇ ਫਰਵਰੀ 2026 ਵਿੱਚ ਵੀ ਉਨ੍ਹਾਂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਿਆ।
ਰਾਹੁਲ ਗਾਂਧੀ ਨੇ ਆਪਣੇ ਵਿਰੁੱਧ ਲੱਗੇ ਆਰੋਪਾਂ ਨੂੰ ਨਕਾਰਦਿਆਂ ਸ਼ਿਕਾਇਤ ਨੂੰ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਿਆ ਸੀ। ਮੁਕੱਦਮੇ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਪੱਖ ਵੱਲੋਂ ਗਵਾਹ ਅਤੇ ਸਬੂਤ ਪੇਸ਼ ਕੀਤੇ ਗਏ। ਬਾਅਦ ਵਿੱਚ ਦੋਵਾਂ ਧਿਰਾਂ ਦੀ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ 26 ਅਕਤੂਬਰ 2026 ਨੂੰ ਫ਼ੈਸਲੇ ਦੀ ਤਾਰੀਖ਼ ਤੈਅ ਕੀਤੀ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments