ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ।
ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫ਼ਾ ਦੇ ਕੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਨੂੰ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
2027 ਚੋਣਾਂ ਤੋਂ ਪਹਿਲਾਂ ਸਿਆਸੀ ਫੇਰਬਦਲ
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਦੋਵਾਂ ਨੇ 1 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੋਵਾਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਨਸ਼ਿਆਂ, ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ ‘ਤੇ ਸਵਾਲ ਚੁੱਕੇ ਸਨ। ਪਾਰਟੀ ਵੱਲੋਂ ਦੋਵਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਸੀ।
ਕੁੰਵਰ ਵਿਜੇ ਪ੍ਰਤਾਪ ਨੇ ਵੀ ਛੱਡੀ ਵਿਧਾਨ ਸਭਾ ਦੀ ਮੈਂਬਰਸ਼ਿਪ
ਦੂਜੇ ਪਾਸੇ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ 1 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ‘ਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਦੱਸਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ‘ਪੰਜਾਬ ਫਸਟ’ ਹੈ। ਉਹ ਜੂਨ 2025 ‘ਚ ‘ਆਪ’ ਵੱਲੋਂ ਪੰਜ ਸਾਲ ਲਈ ਮੁਅੱਤਲ ਕੀਤੇ ਗਏ ਸਨ।
ਪੰਜਾਬ ਦੀ ਸਿਆਸਤ ‘ਚ ਨਵੇਂ ਸਮੀਕਰਨ
ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਤਿੰਨਾਂ ਆਗੂਆਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਖ਼ਬਰ ਨਾਲ ਸੂਬੇ ਦੀ ਸਿਆਸਤ ‘ਚ ਨਵੀਂ ਚਰਚਾ ਛਿੜ ਗਈ ਹੈ।