ਚੰਡੀਗੜ੍ਹ ਮੇਅਰ ਚੋਣ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ। ਉੱਥੇ ਹੀ ਭਗਵੰਤ ਮਾਨ ਨੇ ਟਵੀਟ ਕਰਕੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਬਣਨ ‘ਤੇ ਵਧਾਈ ਦਿੱਤੀ ਹੈ, ਉਨ੍ਹਾਂ ਕਿਹਾ ਕਿ ਆਖ਼ਿਰ ਸੱਚਾਈ ਜਿੱਤ ਹੋਈ ਹੈ…ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ, CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ… ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ… ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ…।
ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਸੋਨਕਰ ਨੂੰ 16 ਵੋਟਾਂ ਮਿਲੀਆਂ। ਮਨੋਜ ਕੁਮਾਰ ਨੂੰ 12 ਵੋਟਾਂ ਮਿਲੀਆਂ। ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ‘ਆਪ’ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ। ਹਾਲਾਂਕਿ, ਇੱਥੇ ਕੋਈ ਅੰਤਰਿਮ ਰਾਹਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਦੀ ਪਟੀਸ਼ਨ ‘ਤੇ ਪਹਿਲੀ ਵਾਰ 7 ਫਰਵਰੀ ਨੂੰ ਸੁਣਵਾਈ ਹੋਈ। ਇਸ ਦੌਰਾਨ ਸੀਜੇਆਈ ਡੀਵਾਈ ਚੰਦਰਚੂੜ ਨੇ ਵੀਡੀਓ ਦੇਖ ਕੇ ਤਿੱਖੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ 19 ਫਰਵਰੀ ਨੂੰ ਮੁੜ ਸੁਣਵਾਈ ਹੋਈ। ਇਸ ਦੌਰਾਨ ਅਨਿਲ ਮਸੀਹ ਵੀ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਚੰਦਰਚੂੜ ਨੇ ਤਿੱਖੇ ਸਵਾਲ ਕੀਤੇ। ਇਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਕੁਲਦੀਪ ਕੁਮਾਰ ਨੂੰ ਮਿਲੀਆਂ 8 ਵੋਟਾਂ ਗ਼ਲਤ ਤਰੀਕੇ ਨਾਲ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਅਨਿਲ ਮਸੀਹ, ਜੋ ਕਿ ਪ੍ਰੀਜ਼ਾਈਡਿੰਗ ਅਫ਼ਸਰ ਸਨ, ਨੂੰ ਉਨ੍ਹਾਂ ਦੀ ਇਸ ਹਰਕਤ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਮਸੀਹ ਨੂੰ 3 ਹਫ਼ਤਿਆਂ ਵਿੱਚ ਜਵਾਬ ਦੇਣਾ ਹੋਵੇਗਾ।





