Monday, August 31, 2026
Google search engine
HomeDeshਪੁੱਤ ਦੇ ਕੀਤੇ ਦੀ ਮਾਂ ਨੂੰ ਨਹੀਂ ਮਿਲਣੀ ਚਾਹੀਦੀ ਸਜ਼ਾ… ਜਗਤਾਰ ਹਵਾਰਾ...

ਪੁੱਤ ਦੇ ਕੀਤੇ ਦੀ ਮਾਂ ਨੂੰ ਨਹੀਂ ਮਿਲਣੀ ਚਾਹੀਦੀ ਸਜ਼ਾ… ਜਗਤਾਰ ਹਵਾਰਾ ਪੈਰੋਲ ਮੁੱਦੇ ‘ਤੇ ਬਿੱਟੂ ਦੀ ਰਾਜਪਾਲ ਨਾਲ ਮੁਲਾਕਾਤ

 ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਪ੍ਰਤੀ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਰਾਜਪਾਲ ਦਾ ਧੰਨਵਾਦ ਕਰਨ ਲਈ ਮਿਲੇ ਸਨ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਚਰਚਾ ‘ਚ ਬਣਿਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬਾਅਦ, ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਬੀਤੀ ਸ਼ਾਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਬਿੱਟੂ ਨੇ ਮਨੁੱਖੀ ਆਧਾਰ ‘ਤੇ ਹਵਾਰਾ ਨੂੰ ਪੈਰੋਲ ਦੇਣ ਦਾ ਸਮਰਥਨ ਕੀਤਾ ਹੈ ਤੇ ਹਵਾਰਾ ਦੀ ਪੈਰੋਲ ਪਟੀਸ਼ਨ ਬਾਰੇ ਰਾਜਪਾਲ ਵੱਲੋਂ ਸਕਾਰਾਤਮਕ ਰੁਖ਼ ਦਾ ਵੀ ਸਵਾਗਤ ਕੀਤਾ।
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਪ੍ਰਤੀ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਰਾਜਪਾਲ ਦਾ ਧੰਨਵਾਦ ਕਰਨ ਲਈ ਮਿਲੇ ਸਨ। ਉਨ੍ਹਾਂ ਹਵਾਰਾ ਦੀ ਬਜ਼ੁਰਗ ਬਿਮਾਰ ਮਾਂ ਦੀ ਹਾਲਤ ਨੂੰ ਦੇਖਦੇ ਹੋਏ ਪੈਰੋਲ ਦੇਣ ਦੀ ਵਕਾਲਤ ਕੀਤੀ।

‘ਇੱਕ ਮਾਂ ਨੂੰ ਉਸਦੇ ਪੁੱਤਰ ਦੇ ਕੰਮਾਂ ਲਈ ਸਜ਼ਾ ਨਹੀਂ ਮਿਲਣੀ ਚਾਹੀਦੀ’

ਬਿੱਟੂ ਨੇ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਟਿੱਪਣੀ ਕੀਤੀ ਕਿ ਉਨ੍ਹਾਂ ਦਾ ਪਰਿਵਾਰ ਮੰਨਦਾ ਹੈ ਕਿ ਇੱਕ ਬਜ਼ੁਰਗ ਮਾਂ ਨੂੰ ਆਪਣੇ ਪੁੱਤਰ ਦੇ ਕੰਮਾਂ ਦੇ ਨਤੀਜੇ ਨਹੀਂ ਭੁਗਤਣੇ ਚਾਹੀਦੇ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਜਲਦੀ ਹੀ ਇਸ ਮਾਮਲੇ ‘ਤੇ ਵਿਚਾਰ ਕਰਕੇ ਤੇ ਕਾਨੂੰਨ ਅਨੁਸਾਰ ਫੈਸਲਾ ਲਿਆ ਜਾਵੇਗਾ। ਬਿੱਟੂ ਨੇ ਅੱਗੇ ਕਿਹਾ ਕਿ ਜਿੱਥੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਸਵਰਗੀ ਬੇਅੰਤ ਸਿੰਘ ਦੀ ਕੁਰਬਾਨੀ ਦਾ ਸਨਮਾਨ ਕਰਦਾ ਰਹੇਗਾ, ਉੱਥੇ ਸਮਾਜ ਨੂੰ ਅੱਗੇ ਵਧਾਉਣ ਲਈ ਦਇਆ, ਮਨੁੱਖਤਾ ਤੇ ਸ਼ਾਂਤੀ ਦੀ ਵੀ ਕਦਰ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਮਾਨ ਨੇ ਵੀ ਰਾਜਪਾਲ ਨਾਲ ਕੀਤੀ ਸੀ ਮੁਲਾਕਾਤ

ਇਸ ਤੋਂ ਪਹਿਲਾਂ, ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਮੁੱਦੇ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਸੀ ਕਿ ਹਵਾਰਾ ਦੀ ਮਾਤਾ ਜੀ ਦੀ ਸਿਹਤ ਖ਼ਰਾਬ ਹੈ ਤੇ ਪੰਜਾਬ ਸਰਕਾਰ ਨੇ ਪਹਿਲਾਂ ਮਨੁੱਖੀ ਆਧਾਰ ‘ਤੇ ਪੈਰੋਲ ਦੀ ਸਿਫਾਰਸ਼ ਕਰਨ ਵਾਲਾ ਇੱਕ ਪੱਤਰ ਲਿਖਿਆ ਸੀ ਤੇ ਹੁਣ, ਇਸੇ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਮੁਲਾਕਾਤ ਵੀ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਰਾਜਪਾਲ ਕੇਂਦਰ ਸਰਕਾਰ ਨੂੰ ਸਿਫ਼ਾਰਿਸ਼ ਕਰਨਗੇ ਤੇ ਅਗਲਾ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਵੇਗਾ।

ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਦਾ ਦਿੱਤਾ ਸੀ ਭਰੋਸਾ

ਮੁੱਖ ਮੰਤਰੀ ਮਾਨ ਦੇ ਅਨੁਸਾਰ, ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜ਼ਰੂਰੀ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਲਈ ਗ੍ਰਹਿ ਵਿਭਾਗ ਦੇ ਸਕੱਤਰ ਨਾਲ ਗੱਲ ਕਰਨਗੇ। ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਜਗਤਾਰ ਸਿੰਘ ਹਵਾਰਾ ਜਲਦੀ ਹੀ ਆਪਣੀ ਮਾਂ ਨੂੰ ਮਿਲ ਸਕਣਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments