ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ, ਜਿਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂਅ ਦਿੱਤਾ ਗਿਆ।
ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ ਹੈ। ਜਿਸ ਦੇ ਵਿੱਚ 100 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਦੀ ਖ਼ਬਰ ਹੈ। ਇਹ ਹਮਲਾ ਭਾਰਤੀ ਫੌਜਾਂ ਨੇ ਦੇਰ ਰਾਤ ਮੰਗਲਵਾਰ ਨੂੰ ਕੀਤਾ। ਇਸ ਆਪ੍ਰੇਸ਼ਨ ਨੂੰ ਸਿੰਦੂਰ ਦਾ ਨਾਂਅ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਸਰਜੀਕਲ ਸਟ੍ਰਾਈਕ ‘ਤੇ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਸੈਨਾ ਦੇ ਨਾਲ ਖੜ੍ਹੇ ਹਨ ਅਤੇ ਉਹਨਾਂ ਨੂੰ ਸਮਰਥਨ ਕਰਦੇ ਹਨ।
ਭਾਰਤੀ ਫੌਜ ਨੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਠਿਕਾਣਿਆਂ ਤੇ ਵੱਡਾ ਹਮਲਾ ਕੀਤਾ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਦੇ ਟਿਕਾਣੇ ਤਬਾਹ ਕਰ ਦਿੱਤੇ ਗਏ ਹਨ। ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨ ਨੇ ਪੀਓਕੇ ਵਿੱਚ ਆਪਣਾ ਸਮਾਨ ਪੈਕ ਕਰਨਾ ਸ਼ੁਰੂ ਕਰ ਦਿੱਤਾ। ਹਮਲੇ ਦੇ ਡਰ ਕਾਰਨ ਇੱਥੇ ਲਗਭਗ 1 ਹਜ਼ਾਰ ਹੋਟਲ ਅਤੇ ਮਦਰੱਸੇ ਬੰਦ ਕਰ ਦਿੱਤੇ ਗਏ ਸਨ। ਅਜ਼ਾਨ ਵੀ ਬਿਨਾਂ ਲਾਊਡ ਸਪੀਕਰ ਦੇ ਦਿੱਤੀ ਜਾ ਰਹੀ ਸੀ।
ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਦੇ ਅਨੁਸਾਰ, ਜਨਰਲ ਚੌਧਰੀ ਨੇ ਕਿਹਾ ਕਿ ਪਾਕਿਸਤਾਨ ਇਸ ਹਮਲੇ ਦਾ ਢੁਕਵਾਂ ਜਵਾਬ ਦੇਵੇਗਾ। ਹਾਲਾਂਕਿ, ਇਸ ਹਮਲੇ ਵਿੱਚ ਹੋਏ ਨੁਕਸਾਨ ਬਾਰੇ ਜਾਣਕਾਰੀ ਅਜੇ ਸਪੱਸ਼ਟ ਨਹੀਂ ਹੈ।
ਸੂਬੇ ਦੇ 5 ਜ਼ਿਲ੍ਹਿਆਂ ਦੇ ਸਕੂਲ ਬੰਦ
ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 10 ਵਜੇ ਤੱਕ ਸਾਰੀਆਂ ਉਡਾਣਾਂ ਰੱਦ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਾਵਧਾਨੀ ਦੇ ਤੌਰ ਤੇ, ਸਾਰੀਆਂ ਉਡਾਣਾਂ ਸਵੇਰੇ 10 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੰਡੀਗੋ ਅਤੇ ਹੋਰ ਏਅਰਲਾਈਨਾਂ ਨੇ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਹਨ।