ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਥਿਤ ਤੌਰ ‘ਤੇ ਸੰਮਨ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਾਇਰ ਨਵੀਂ ਸ਼ਿਕਾਇਤ ‘ਤੇ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਈਡੀ ਨੇ ਬੁੱਧਵਾਰ ਨੂੰ ਅਦਾਲਤ ਵਿਚ ਇੱਕ ਨਵੀਂ ਸ਼ਿਕਾਇਤ ਦਾਇਰ ਕੀਤੀ ਸੀ ਜਿਸ ਵਿਚ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਸੀ। ਈਡੀ ਨੇ ਕਿਹਾ ਕਿ ਤਾਜ਼ਾ ਸ਼ਿਕਾਇਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਧਾਰਾ 50 ਤਹਿਤ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਫੈਡਰਲ ਜਾਂਚ ਏਜੰਸੀ ਵੱਲੋਂ ਜਾਰੀ ਸੰਮਨ ਨੰਬਰ 4 ਤੋਂ 8 ਦੀ ਪਾਲਣਾ ਨਾ ਕਰਨ ਨਾਲ ਸਬੰਧਤ ਹੈ।
ਈਡੀ ਨੇ ਇਸ ਤੋਂ ਪਹਿਲਾਂ ਸਥਾਨਕ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਜਾਰੀ ਪਹਿਲੇ ਤਿੰਨ ਸੰਮਨਾਂ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ।





