Jalandhar ਪੁਲਿਸ ਕਮਿਸ਼ਨਰ ਨੇ ਪੁਸ਼ਟੀ ਕੀਤੀ ਕਿ ਗੋਲੀਬਾਰੀ ਦੋ ਧਿਰਾਂ ਵਿਚਕਾਰ ਦੁਕਾਨ ਦੇ ਝਗੜੇ ਕਾਰਨ ਹੋਈ।
ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੋ ਧਿਰਾਂ ਵਿਚਕਾਰ ਦੁਕਾਨ ਦੇ ਵਿਵਾਦ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ। ਇਸ ਝਗੜੇ ਦੌਰਾਨ, ਇੱਕ ਧਿਰ ਦੇ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਜਿਵੇਂ ਹੀ ਗੋਲੀਆਂ ਚੱਲੀਆਂ, ਲੋਕ ਆਪਣੇ ਆਪ ਨੂੰ ਬਚਾਉਣ ਲਈ ਭੱਜਣ ਲੱਗੇ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਪੁਲਿਸ ਦੀ ਮੌਜੂਦਗੀ ‘ਚ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ‘ਚ ਦੋ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਇਸ ਦੌਰਾਨ ਬਿਆਨ ਜਾਰੀ ਕਰਦੇ ਹੋਏ, ਜਲੰਧਰ ਪੁਲਿਸ ਕਮਿਸ਼ਨਰ ਨੇ ਪੁਸ਼ਟੀ ਕੀਤੀ ਕਿ ਗੋਲੀਬਾਰੀ ਦੋ ਧਿਰਾਂ ਵਿਚਕਾਰ ਦੁਕਾਨ ਦੇ ਝਗੜੇ ਕਾਰਨ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਦੋ ਵਿਅਕਤੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਜ਼ਖਮੀ ਵਿਅਕਤੀ ਰਾਜਨੀਤਿਕ ਪਾਰਟੀ ਨਾਲ ਜੁੜੇ ਹੋਏ ਹਨ ਤੇ ਭਾਜਪਾ ਦੇ ਵਰਕਰ ਦੱਸੇ ਜਾ ਰਹੇ ਹਨ।
ਜਦੋਂ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਨੇਤਾ ਸੁਸ਼ੀਲ ਕੁਮਾਰ ਰਿੰਕੂ ਨਾਲ ਇਸ ਮਾਮਲੇ ‘ਤੇ ਟਿੱਪਣੀ ਲਈ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਘਟਨਾ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ। ਉਨ੍ਹਾਂ ਮੰਨਿਆ ਕਿ ਸਬਜ਼ੀ ਮੰਡੀ ‘ਚ ਇੱਕ ਝਗੜਾ ਹੋਇਆ ਸੀ, ਜਿਸ ਕਾਰਨ ਦੋ ਵਿਅਕਤੀ ਜ਼ਖਮੀ ਹੋਏ ਸਨ ਤੇ ਜ਼ਿਕਰ ਕੀਤਾ ਕਿ ਉਹ ਸਿਰਫ਼ ਇੱਕ ਜ਼ਖਮੀ ਦੀ ਹਾਲਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ ਸਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਵਾਦਾਂ ਨੂੰ ਹੱਲ ਕਰਨਾ ਪੁਲਿਸ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ, ਜੋ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸ਼ਾਮ ਕਰੀਬ 5:30 ਵਜੇ, ਮਕਸੂਦਾਂ ਸਬਜ਼ੀ ਮੰਡੀ ‘ਚ ਦੋ ਧਿਰਾਂ ਵਿਚਕਾਰ ਦੁਕਾਨ ਦੇ ਵਿਵਾਦ ਬਾਰੇ ਗੱਲਬਾਤ ਚੱਲ ਰਹੀ ਸੀ। ਇਸ ਝਗੜੇ ਦੌਰਾਨ, ਇੱਕ ਧੜੇ ਦੇ ਇੱਕ ਵਿਅਕਤੀ ਨੇ ਗੋਲੀਬਾਰੀ ਕੀਤੀ। ਨਤੀਜੇ ਵਜੋਂ, ਦੋ ਵਿਅਕਤੀ ਜ਼ਖਮੀ ਹੋ ਗਏ ਤੇ ਪੁਲਿਸ ਨੇ ਘਟਨਾ ਦੇ ਸਬੰਧ ‘ਚ ਕੇਸ ਦਰਜ ਕਰ ਲਿਆ ਹੈ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।