Tuesday, June 23, 2026
Google search engine
HomeDeshCM Mann ਨੇ Faridkot ਦੇ ਪੰਜਗਰਾਈਂ ਕਲਾਂ ‘ਚ ਕੀਤੀ ਲੋਕ ਮਿਲਣੀ, ਪ੍ਰੋਗਰਾਮ...

CM Mann ਨੇ Faridkot ਦੇ ਪੰਜਗਰਾਈਂ ਕਲਾਂ ‘ਚ ਕੀਤੀ ਲੋਕ ਮਿਲਣੀ, ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ

ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ਆਪ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਜਦੋਂ ਕਿ ਮੌਜੂਦਾ ਸਰਕਾਰ ਇੱਕ ਸਿਹਤਮੰਦ, ਸਿੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਪੂਰੀ ਤਰ੍ਹਾਂ ਕੇਂਦਰਿਤ ਹੈ।

CM ਮਾਨ ਨੇ ਬਾਦਲਾਂ ‘ਤੇ ਸਾਧਿਆ ਨਿਸ਼ਾਨਾ

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ‘ਤੇ ਲੰਮਾ ਸਮਾਂ ਰਾਜ ਕੀਤਾ ਹੈ ਅਤੇ ਹਮੇਸ਼ਾ ਸੂਬੇ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਹਨ। ਉਨ੍ਹਾਂ ਕਿਹਾ, ਬਾਦਲਾਂ ਦਾ ਇੱਕੋ ਇੱਕ ਏਜੰਡਾ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕਰਕੇ ਆਪਣੇ ਨਿੱਜੀ ਹਿੱਤਾਂ ਨੂੰ ਸੁਰੱਖਿਅਤ ਕਰਨਾ ਰਿਹਾ ਹੈ। ਇਹ ਅਜਿਹੇ ਮੌਕਾਪ੍ਰਸਤ ਆਗੂ ਹਨ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਮੁਤਾਬਕ ਗਿਰਗਿਟ ਵਾਂਗ ਰੰਗ ਅਤੇ ਸਟੈਂਡ ਬਦਲਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ, ਜਦੋਂ ਪੂਰੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ, ਉਦੋਂ ਅਕਾਲੀਆਂ ਨੇ ਕੇਂਦਰੀ ਮੰਤਰਾਲੇ ਵਿੱਚ ਆਪਣੀਆਂ ਕੁਰਸੀਆਂ ਬਚਾਉਣ ਲਈ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।

ਕਿਸਾਨ ਦੱਸ ਕੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ- CM

ਇੱਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਕਿਸਾਨ ਦੱਸ ਕੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ, ਉਹ ਇਹ ਸਪੱਸ਼ਟ ਕਰਨ ਕਿ ਕੋਈ ਅੰਨਦਾਤਾ ਬੱਸਾਂ ਦਾ ਇੰਨਾ ਵੱਡਾ ਕਾਫ਼ਲਾ ਅਤੇ ਗੁੜਗਾਓਂ ਵਿੱਚ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ। ਇਹ ਸਾਰੀ ਜਾਇਦਾਦ ਇਸ ਲਈ ਇਕੱਠੀ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਅਤੇ ਲੋਕਾਂ ਦੇ ਹਿੱਤਾਂ ਨੂੰ ਵੇਚ ਦਿੱਤਾ।

ਅਕਾਲੀ, ਪੀੜ੍ਹੀਆਂ ਦੇ ਘਾਣ ਲਈ ਜ਼ਿੰਮੇਵਾਰ- CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ, ਪੀੜ੍ਹੀਆਂ ਦੇ ਘਾਣ ਲਈ ਜ਼ਿੰਮੇਵਾਰ ਹਨ ਕਿਉਂਕਿ ਨਸ਼ਾ ਤਸਕਰੀ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਇਹ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਵਧੀ-ਫੁੱਲੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਨਸ਼ਿਆਂ ਦੀ ਭੇਟ ਚੜ੍ਹ ਗਏ, ਜਿਸ ਦੀ ਸਪਲਾਈ ਸੂਬੇ ਵਿੱਚ ਸਰਕਾਰੀ ਗੱਡੀਆਂ ਰਾਹੀਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ, ਇਨ੍ਹਾਂ ਆਗੂਆਂ ਦੇ ਪਾਪ ਬਖ਼ਸ਼ਣਯੋਗ ਨਹੀਂ ਹਨ ਅਤੇ ਲੋਕ ਇਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਲਈ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਬੇਅਦਬੀ ਦੇ ਜ਼ਿੰਮੇਵਾਰ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਅਤੇ ਜਨਤਕ ਤੌਰ ‘ਤੇ ਆਪਣਾ ਗੁਨਾਹ ਕਬੂਲ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਨੇ ਯੂ-ਟਰਨ ਲੈ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰਾ ਸੂਬਾ ਇਨ੍ਹਾਂ ਆਗੂਆਂ ਦਾ ਅਸਲੀ ਚਿਹਰਾ ਜਾਣਦਾ ਹੈ। ਜਿਨ੍ਹਾਂ ਨੇ ਹਮੇਸ਼ਾ ਸਿਆਸੀ ਹੱਥਕੰਡਿਆਂ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਦੀ ਪਿੱਠ ਥਾਪੜੀ ਅਤੇ ਨਸ਼ਾ ਤਸਕਰਾਂ ਨੂੰ ਪਨਾਹ ਦੇ ਕੇ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਘੋਲਿਆ। ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸਬਕ ਸਿਖਾਉਣਗੇ। ਲੋਕਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ, ਪਰ ਉਨ੍ਹਾਂ ਨੇ ਵਾਰ-ਵਾਰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਧ੍ਰੋਹ ਕਮਾਇਆ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਇਸ ਲਈ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਮੁਸੀਬਤ ਵਿੱਚ ਪਾ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲੀ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਦਾ ਵੀ ਪਤਾ ਨਹੀਂ ਹੈ ਪਰ ਫਿਰ ਵੀ ਉਹ ਪੰਜਾਬ ਵਿੱਚ ਸਿਆਸੀ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਕੀ ਗੱਲਾਂ ਤਾਂ ਇੱਕ ਪਾਸੇਂ ਰਹੀਆਂ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀਆਂ ਮੁੱਢਲੀਆਂ ਫ਼ਸਲਾਂ ਵਿੱਚ ਫ਼ਰਕ ਵੀ ਨਹੀਂ ਕਰ ਸਕਦੇ ਕਿਉਂਕਿ ਉਹ ਸੂਬੇ ਦੇ ਮੁੱਖ ਮੁੱਦਿਆਂ ਤੋਂ ਹੀ ਪੂਰੀ ਤਰ੍ਹਾਂ ਵਾਕਫ਼ ਨਹੀਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 67,500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਪੱਖਪਾਤ ਦਾ ਯੁੱਗ ਖਤਮ ਹੋ ਗਿਆ ਹੈ। ਅੱਜ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਮਿਲ ਰਹੀਆਂ ਹਨ। ਸਰਕਾਰ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੀ ਉਤਰ ਰਹੀ ਹੈ ਅਤੇ ਸੂਬੇ ਦਾ ਇੱਕ-ਇੱਕ ਪੈਸਾ ਇਸ ਦੇ ਲੋਕਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ।”

90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸਿਰਫ਼ ਸਟੇਜ ਤੋਂ ਬੋਲਣ ਦੀ ਬਜਾਏ ਖੁੱਲ੍ਹੇਆਮ ਗੱਲਬਾਤ ਕਰਕੇ ਆਮ ਲੋਕਾਂ ਦੀਆਂ ਗੱਲਾਂ ਸੁਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਮਿਸਾਲੀ ਕਦਮ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਦੀ ਜਾਇਦਾਦ ਕੇਂਦਰ ਸਰਕਾਰ ਵੱਲੋਂ ਆਪਣੇ ਕਰੀਬੀ ਦੋਸਤਾਂ ਨੂੰ ਮਾਮੂਲੀ ਕੀਮਤਾਂ ‘ਤੇ ਸੌਂਪੀ ਜਾ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।

10 ਲੱਖ ਰੁਪਏ ਤੱਕ ਸਿਹਤ ਬੀਮਾ ਯੋਜਨਾ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ, ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨਾਲ ਪਰਿਵਾਰਾਂ ‘ਤੇ ਵਿੱਤੀ ਬੋਝ ਘੱਟ ਗਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ, 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸੂਚਨਾ ਮਿਲੇਗੀ। ਉਨ੍ਹਾਂ ਅੱਗੇ ਕਿਹਾ, ਹੋਰ ਸਾਰੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈਣ ਯੋਗ ਹੋਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।
ਇਸ ਯੋਜਨਾ ਦੇ ਵਡੇਰੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾ ਸਕਦੀ ਪਰ ਇਹ ਉਨ੍ਹਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਹਨਾਂ ਕਿਹਾ,”ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਮੁੱਢ ਹਨ। ਮਾਵਾਂ ਅਤੇ ਭੈਣਾਂ ਦੀਆਂ ਦੁਆਵਾਂ ਵਿੱਚ ਦੁਨੀਆ ਦੀ ਹਰ ਚੁਣੌਤੀ ਨੂੰ ਪਛਾੜਨ ਦੀ ਤਾਕਤ ਹੁੰਦੀ ਹੈ।

ਬੇਅਦਬੀਆਂ ਖਿਲਾਫ ਕਾਨੂੰਨ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਬਹੁਤ ਧੰਨਵਾਦੀ ਹਨ ਕਿ ਅਕਾਲ ਪੁਰਖ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ।
ਉਨ੍ਹਾਂ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੇ ਦਿਲ ਵਲੂੰਧਰੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਬੁੱਧੀ ਤੇ ਬਲ ਬਖਸ਼ਿਆ ਤਾਂ ਹੀ ਉਹ ਕਾਨੂੰਨੀ ਮਾਹਿਰਾਂ ਨਾਲ ਢੁਕਵੇਂ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੇ ਸਮਰੱਥ ਹੋਏ। ਉਨ੍ਹਾਂ ਕਿਹਾ,”ਆਪ ਸਰਕਾਰ ਨੇ ਇਸ ਬਿੱਲ ਦਾ ਖਰੜਾ ਬਹੁਤ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਸ਼ਾਂਤੀ, ਸਦਭਾਵਨਾ, ਭਾਈਚਾਰੇ ਅਤੇ ਅਕੀਦਤ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਰਿਆਂ ਦਾ ਸਮੂਹਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਲਈ ਦੁਨੀਆ ਭਰ ਦੇ ਲੋਕ ਖ਼ੁਸ਼ ਹਨ ਅਤੇ ਧੰਨਵਾਦ ਜ਼ਾਹਿਰ ਕਰ ਰਹੇ ਹਨ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਪੰਜਾਬ ਬੀ.ਸੀ. ਵਿੰਗ ਦੇ ਪ੍ਰਧਾਨ ਸ. ਸੁਖਜੀਤ ਸਿੰਘ ਢਿੱਲਵਾਂ, ਸਟੇਟ ਸੈਕਟਰੀ ਸ. ਨਵਜੋਤ ਸਿੰਘ ਜਰਗ, ਲੋਕ ਸਭਾ ਹਲਕਾ ਇੰਚਾਰਜ ਸ. ਸੁਖਜਿੰਦਰ ਸਿੰਘ ਕੌਣੀ, ਜ਼ਿਲ੍ਹਾ ਪ੍ਰਧਾਨ ਸ. ਗੁਰਤੇਜ ਸਿੰਘ ਖੋਸਾ, ਆਈ.ਜੀ. ਫਰੀਦਕੋਟ ਰੇਂਜ ਸ੍ਰੀਮਤੀ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਫਰੀਦਕੋਟ ਸ. ਗੁਰਬੰਸ ਸਿੰਘ ਬੈਂਸ ਅਤੇ ਹੋਰ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments