ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਸਨ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।
ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਂ ‘ਚ ਦੇਰ ਰਾਤ ਇਕ ਐਨਆਰਆਈ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਦੀਪ ਕਰਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਗੋਲ਼ੀ ਚਲਾਉਣ ਵਾਲੇ ਮੁਲਜ਼ਮਾਂ ਨੇ ਫਿਰੌਤੀ ਦੀ ਪਰਚੀ ਵੀ ਸੁੱਟੀ ਹੈ ਜਿਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 11 ਵਜੇ ਪਿੰਡ ਕੋਟ ਕਰਾਰ ਖਾਂ ‘ਚ ਇਕ ਪਰਵਾਸੀ ਭਾਰਤੀ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਦੀਪ ਕਰਨ ਸਿੰਘ ਸਮੇਤ ਸਦਰ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਸਨ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਹ ਕਾਰਵਾਈ ਉਸੇ ਵੀਡੀਓ ਤੋਂ ਬਾਅਦ ਹੋਈ ਮੰਨੀ ਜਾ ਰਹੀ ਹੈ। ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ 7 ਅਕਤੂਬਰ ਨੂੰ ਕਪੂਰਥਲਾ ਦੇ ਇਕ ਮੋਬਾਈਲ ਸ਼ੋਅਰੂਮ ‘ਤੇ ਫਾਇਰਿੰਗ ਕਰ ਕੇ ਫਿਰੌਤੀ ਮੰਗਣ ਦੀ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਇਲਾਕੇ ਦੇ ਵੱਡੇ ਵਪਾਰਕ ਘਰਾਣੇ ਅਜੇ ਵੀ ਡਰੇ ਹੋਏ ਹਨ। ਫਿਲਹਾਲ ਉਕਤ ਮਾਮਲੇ ‘ਚ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਸੁਲਝਾ ਲਿਆ ਸੀ।